-ਸੰਸਦ ਡਾ. ਅਮਰ ਸਿੰਘ ਵੱਲੋਂ ਅੱਜ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਟਰਮੀਨਲ ਇਮਾਰਤ ਦਾ ਰੱਖਿਆ ਨੀਂਹ ਪੱਥਰ
-ਹਵਾਈ ਅੱਡੇ ਦੇ ਸੁਰੂ ਹੋਣ ਨਾਲ ਹਲਵਾਰਾ ਤੇ ਰਾਏਕੋਟ ‘ਚ ਨਿਵੇਸ਼, ਨੌਕਰੀਆਂ ਤੇ ਵਿਕਾਸ ਨੂੰ ਹੁਲਾਰਾ ਮਿਲੇਗਾ – ਡਾ. ਅਮਰ ਸਿੰਘ

ਹਲਵਾਰਾ/ਲੁਧਿਆਣਾ, 05 ਜਨਵਰੀ (ਜੱਸੀ ਫੱਲੇਵਾਲੀਆ) – ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨਿਰਮਾਣ ਕਾਰਜ ਇਸ ਸਾਲ ਜੂਨ ਤੱਕ ਮੁਕੰਮਲ ਹੋ ਜਾਣਗੇ, ਜਿਸ ਤੋਂ ਬਾਅਦ ਉਡਾਣਾਂ ਸ਼ੁਰੂ ਹੋ ਜਾਣਗੀਆਂ। ਉਨ੍ਹਾਂ ਇਹ ਗੱਲ ਅੱਜ ਸਥਾਨਕ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਟਰਮੀਨਲ ਇਮਾਰਤ ਦਾ ਨੀਂਹ ਪੱਥਰ ਰੱਖਣ ਮੌਕੇ ਕਹੀ।
ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਸੀਨੀਅਰ ਕਾਂਗਰਸੀ ਆਗੂ ਸ੍ਰੀ ਕਾਮਿਲ ਬੋਪਾਰਾਏ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
ਡਾ. ਅਮਰ ਸਿੰਘ ਨੇ ਕਿਹਾ ਕਿ ਇਸ ਹਵਾਈ ਅੱਡੇ ਦੇ ਸੁਰੂ ਹੋਣ ਨਾਲ ਹਲਵਾਰਾ ਅਤੇ ਰਾਏਕੋਟ ਹਲਕੇ ਵਿੱਚ ਨਿਵੇਸ਼, ਨੌਕਰੀਆਂ ਅਤੇ ਵਿਕਾਸ ਨੂੰ ਹੁਲਾਰਾ ਮਿਲੇਗਾ। ਉਨ੍ਹਾਂ ਦੱਸਿਆ ਕਿ ਪਹੁੰਚ ਮਾਰਗ ਵਾਲੀ ਸੜ੍ਹਕ ਦਾ ਨਿਰਮਾਣ ਹੋ ਚੁੱਕਾ ਹੈ ਅਤੇ ਅੱਜ ਤੋਂ ਟਰਮੀਨਲ ਦੀ ਇਮਾਰਤ ਦੀ ਉਸਾਰੀ ਦੀ ਵੀ ਸ਼ੁਰੂਆਤ ਹੋ ਗਈ ਹੈ।
ਉਨ੍ਹਾਂ ਦੱਸਿਆ ਕਿ ਇਹ ਅੰਤਰਰਾਸ਼ਟਰੀ ਹਵਾਈ ਅੱਡਾ 46.91 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਹੈ ਅਤੇ ਅੰਤਰਿਮ ਇਮਾਰਤ ਦਾ ਕੁੱਲ ਕਵਰਡ ਖੇਤਰ 2000 ਵਰਗ ਮੀਟਰ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਹਵਾਈ ਅੱਡੇ ਨਾਲ ਸਬੰਧਤ ਸਾਰੇ ਨਿਰਮਾਣ ਕਾਰਜ 30 ਜੂਨ, 2022 ਤੱਕ ਮੁਕੰਮਲ ਕਰ ਲਏ ਜਾਣਗੇ। ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਹਵਾਈ ਅੱਡੇ ਦੇ ਨਿਰਮਾਣ ਕਾਰਜ਼ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੇ ਹਨ ਅਤੇ ਸਰਕਾਰ ਇਸ ਸਾਲ ਜੁਲਾਈ ਤੱਕ ਉਡਾਣਾਂ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤੱਤਪਰ ਹੈ। ਕਾਂਗਰਸੀ ਆਗੂ ਸ੍ਰੀ ਕਾਮਿਲ ਬੋਪਾਰਾਏ ਨੇ ਕਿਹਾ ਕਿ ਹਵਾਈ ਅੱਡੇ ਦੀ ਸਥਾਪਨਾ ਨਾਲ ਜ਼ਿਲ੍ਹੇ ਵਿੱਚ ਨਵੇਂ ਉਦਯੋਗਾਂ ਲਈ ਖਿੱਚ ਦਾ ਕੇਂਦਰ ਬਣੇਗਾ।