ਫਗਵਾੜਾ (ਡਾ ਰਮਨ)
ਕਪੂਰਥਲਾ ਸਥਿਤ ਕੰਪਨੀ ਆਈ. ਟੀ. ਸੀ ਵੱਲੋਂ ਹਰ ਸਾਲ ਦੀ ਤਰਾਂ ਇਸ ਸਾਲ ਵੀ ਕਿਸਾਨਾਂ ਕੋਲੋਂ ਸਿੱਧੀ ਕਣਕ ਖ਼ਰੀਦਣੀ ਸ਼ੁਰੂ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਜ਼ਿਲੇ ਦੇ ਕਿਸਾਨ ਜੇਲ ਰੋਡ ’ਤੇ ਝੱਲ ਠੀਕਰੀਵਾਲ ਪਿੰਡ ’ਚ ਸਥਿਤ ਇਸ ਕੰਪਨੀ ਨੂੰ ਆਪਣੀ ਫ਼ਸਲ ਵੇਚ ਸਕਦੇ ਹਨ। ਉਨਾਂ ਦੱਸਿਆ ਕਿ ਆਈ. ਟੀ. ਸੀ ਕੰਪਨੀ ਵੱਲੋਂ ਕਿਸਾਨਾਂ ਕੋਲੋਂ ਕਣਕ ਖ਼ਰੀਦਣ ਲਈ ਸਾਰੇ ਇੰਤਜ਼ਾਮ ਮੁਕੰਮਲ ਕਰ ਲਏ ਗਏ ਹਨ। ਉਨਾਂ ਇਹ ਵੀ ਦੱਸਿਆ ਕਿ ਜ਼ਿਲੇ ਦੇ ਸਾਰੇ 98 ਖ਼ਰੀਦ ਕੇਂਦਰਾਂ ਵਿਚ ਕਣਕ ਦੀ ਨਿਰਵਿਘਨ ਖ਼ਰੀਦ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਉਨਾਂ ਕਿਹਾ ਕਿ ਖ਼ਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰਾਂ ਦੀ ਪ੍ਰੇਸ਼ਾਨੀ ਤੋਂ ਬਚਣ ਲਈ ਸੁੱਕੀ ਕਣਕ ਹੀ ਲੈ ਕੇ ਆਉਣ।