ਫਗਵਾੜਾ (ਡਾ ਰਮਨ /ਅਜੇ ਕੋਛੜ)
ਕਮਿਸ਼ਨਰ ਜਲੰਧਰ ਡਵੀਜ਼ਨ ਸ੍ਰੀ ਰਾਜ ਕਮਲ ਚੌਧਰੀ ਨੇ ਅੱਜ ਜ਼ਿਲੇ ਵਿਚ ਨੋਵਲ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਅਤੇ ਐਸ. ਐਸ. ਪੀ ਸ੍ਰੀ ਸਤਿੰਦਰ ਸਿੰਘ ਦੀ ਮੌਜੂਦਗੀ ਵਿਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਉਨਾਂ ਇਸ ਵਾਇਰਸ ਤੋਂ ਬਚਾਅ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਚੁੱਕੇ ਗਏ ਕਦਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨਾਂ ਕਿਹਾ ਕਿ ਜ਼ਿਲੇ ਵਿਚ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ ਅਤੇ ਇਸ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਇਸ ਮੌਕੇ ਉਨਾਂ ਨੂੰ ਦੱਸਿਆ ਕਿ ਨੋਵਲ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਜ਼ਿਲੇ ਵਿਚ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ ਅਤੇ ਇਸ ਸਬੰਧੀ ਸਾਰੇ ਢੁਕਵੇਂ ਕਦਮ ਚੁੱਕੇ ਗਏ ਹਨ। ਉਨਾਂ ਦੱਸਿਆ ਕਿ ਟੀਮਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਇਹਤਿਆਤ ਵਜੋਂ ਅਤੇ ਲੋਕ ਹਿੱਤ ਨੂੰ ਧਿਆਨ ਵਿਚ ਰੱਖਦਿਆਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਲੋਕਾਂ ਲਈ ਲਗਾਤਾਰ ਸਿਹਤ ਸਲਾਹ ਜਾਰੀ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਇਸ ਸਬੰਧੀ ਜ਼ਿਲੇ ਵਿਚ ਸਬ-ਡਵੀਜ਼ਨ ਪੱਧਰ ’ਤੇ ਕੰਟਰੋਲ ਰੂਮ ਨੰਬਰ ਜਾਰੀ ਕੀਤੇ ਗਏ ਹਨ ਅਤੇ ਕਿਸੇ ਵੀ ਸਮੱਸਿਆ ਸਬੰਧੀ ਲੋਕ ਇਨਾਂ ਨੰਬਰਾਂ ’ਤੇ ਸੰਪਰਕ ਕਰ ਸਕਦੇ ਹਨ। ਇਸੇ ਤਰਾਂ ਜ਼ਿਲਾ ਪੱਧਰ ਅਤੇ ਸਬ-ਡਵੀਜ਼ਨਾਂ ਪੱਧਰ ’ਤੇ ਆਈਓਲੇਟਿਡ ਅਤੇ ਕੁਆਰਨਟਾਈਨ ਵਾਰਡ ਸਥਾਪਿਤ ਕੀਤੇ ਗਏ ਹਨ। ਉਨਾਂ ਕਿਹਾ ਕਿ ਜ਼ਿਲਾ ਵਾਸੀਆਂ ਨੂੰ ਇਸ ਵਾਇਰਸ ਤੋਂ ਬਚਾਅ ਲਈ ਸਮੇਂ-ਸਮੇਂ ’ਤੇ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਐਸ. ਡੀ. ਐਮ ਕਪੂਰਥਲਾ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ, ਐਸ. ਡੀ. ਐਮ ਸੁਲਤਾਨਪੁਰ ਲੋਧੀ ਡਾ. ਚਾਰੂਮਿਤਾ, ਐਸ. ਡੀ. ਐਮ ਫਗਵਾੜਾ ਸ. ਗੁਰਵਿੰਦਰ ਸਿੰਘ ਜੌਹਲ, ਐਸ. ਡੀ. ਐਮ ਭੁਲੱਥ ਸ. ਰਣਦੀਪ ਸਿੰਘ ਹੀਰ, ਸਿਵਲ ਸਰਜਨ ਡਾ. ਜਸਮੀਤ ਬਾਵਾ, ਡੀ. ਐਸ. ਪੀ ਡਾ. ਮੁਕੇਸ਼, ਜ਼ਿਲਾ ਐਪੀਡੀਮੋਲੋਜਿਸਟ ਡਾ. ਰਾਜੀਵ ਭਗਤ, ਡੀ. ਡੀ. ਪੀ. ਓ ਸ. ਹਰਜਿੰਦਰ ਸਿੰਘ ਸੰਧੂ, ਡੀ. ਐਫ. ਐਸ. ਸੀ ਸ. ਸਰਤਾਜ ਸਿੰਘ ਚੀਮਾ, ਜ਼ਿਲਾ ਸਿੱਖਿਆ ਅਫ਼ਸਰ (ਸ) ਸ. ਮੱਸਾ ਸਿੰਘ ਸਿੱਧੂ, ਡਿਪਟੀ ਡੀ. ਐਮ. ਓ ਸ੍ਰੀ ਰੁਪਿੰਦਰ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।