*ਐਸ. ਡੀ. ਐਮ ਦੀ ਅਗਵਾਈ ਹੇਠ ਕਪੂਰਥਲਾ ਵਿਖੇ ਕੱਢਿਆ ਫਲੈਗ ਮਾਰਚ
ਫਗਵਾੜਾ (ਡਾ ਰਮਨ)
ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਕੋਰੋਨਾ ਵਾਇਰਸ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਦਿੱਤੇ ਗਏ ਨਿਰਦੇਸ਼ਾਂ ਨੂੰ ਹੋਰ ਸਖ਼ਤ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਸ. ਡੀ. ਐਮ ਕਪੂਰਥਲਾ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ ਅਤੇ ਡੀ. ਐਸ. ਪੀ ਕਪੂਰਥਲਾ ਸ੍ਰੀ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਫੂਡ ਸੇਫਟੀ ਟੀਮ ਅਤੇ ਭਾਰੀ ਪੁਲਿਸ ਬਲ ਸਮੇਤ ਕਪੂਰਥਲਾ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਫਲੈਗ ਮਾਰਚ ਕੱਢਿਆ ਗਿਆ। ਇਸ ਦੌਰਾਨ ਆਮ ਜਨਤਾ ਅਤੇ ਦੁਕਾਨਦਾਰਾਂ ਨੂੰ ਜਾਗਰੂਕ ਕੀਤਾ ਗਿਆ ਤਾਂ ਕਿ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਬਚਿਆ ਜਾ ਸਕੇ। ਇਸ ਦੌਰਾਨ ਢਾਬੇ, ਰੈਸਟੋਰੈਂਟ, ਹੋਟਲ, ਜੂਸ ਦੀਆਂ ਦੁਕਾਨਾਂ ਨੂੰ ਵਿਸ਼ੇਸ਼ ਤੌਰ ’ਤੇ ਫੂਡ ਸੇਫਟੀ ਟੀਮ ਵੱਲੋਂ ਚੈੱਕ ਕੀਤਾ ਗਿਆ ਅਤੇ ਉਨਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ ਲਈ ਕਿਹਾ ਗਿਆ, ਜਿਨਾਂ ਵਿਚ ਸੋਸ਼ਲ ਡਿਸਟੈਂਸ, ਮਾਸਕ ਪਾਉਣਾ, ਸਾਫ਼-ਸਫ਼ਾਈ, ਸੈਨੀਟਾਈਜ਼ੇਸਨ ਅਤੇ ਹੋਰਨਾਂ ਸਿਹਤ ਉਪਾਵਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਤੋਂ ਇਲਾਵਾ ਮੀਟ ਵਾਲੀਆਂ ਦੁਕਾਨਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਜਾਲੀਦਾਰ ਕਮਰਿਆਂ ਵਿਚ ਇਸ ਨੂੰ ਵੇਚਿਆ ਜਾਵੇ। ਇਸ ਮੌਕੇ ਜ਼ਿਲਾ ਪ੍ਰਸ਼ਾਸਨ ਵੱਲੋਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਬਿਨਾਂ ਲੋੜ ਤੋਂ ਘਰ ਤੋਂ ਬਾਹਰ ਨਾ ਨਿਕਲਿਆ ਜਾਵੇ, ਖਾਸ ਤੌਰ ’ਤੇ ਬੱਚਿਆਂ ਅਤੇ ਬਜ਼ੁਰਗਾਂ ਨੂੰੂ ਇਸ ਸਬੰਧੀ ਪੂਰੀ ਸਾਵਧਾਨੀ ਵਰਤਣੀ ਚਾਹੀਦੀ ਹੈ। ਇਸ ਤੋਂ ਇਲਾਵਾ ਘਰੇਲੂ ਇਕਾਂਤਵਾਸ ਦੀ ਮਹੱਤਤਾ, ਫਲੂ ਦੇ ਲੱਛਣਾਂ ਅਤੇ ਉਸ ਤੋਂ ਬਾਅਦ ਦੀਆਂ ਕਿਰਿਆਵਾਂ ਬਾਰੇ ਜਾਗਰੂਕਤਾ ਪੈਦਾ ਕੀਤੀ ਗਈ ਅਤੇ ਲਾਕਡਾੳੂਨ 5 ਦੌਰਾਨ ਲਗਾਈਆਂ ਗਈਆਂ ਪਾਬੰਦੀਆਂ ਦੀ ਮਹੱਤਤਾ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਸਹਾਇਕ ਕਮਿਸ਼ਨਰ ਫੂਡ ਡਾ. ਹਰਜੋਤ ਪਾਲ ਸਿੰਘ, ਫੂਡ ਇੰਸਪੈਕਟਰ ਸ. ਸਤਨਾਮ ਸਿੰਘ, ਟ੍ਰੈਫਿਕ ਇੰਚਾਰਜ ਇੰਸ. ਦੀਪਕ ਸ਼ਰਮਾ, ਐਸ. ਐਚ. ਓ ਕੋਤਵਾਲੀ ਸ. ਨਵਦੀਪ ਸਿੰਘ, ਐਸ. ਐਚ. ਓ ਸਿਟੀ ਸ. ਹਰਜਿੰਦਰ ਸਿੰਘ, ਇੰਚਾਰਜ ਟ੍ਰੈਫਿਕ ਐਜੂਕੇਸ਼ਨ ਸੈੱਲ ਸ੍ਰੀ ਗੁਰਬਚਨ ਸਿੰਘ ਬੰਗੜ ਤੇ ਹੋਰ ਸ਼ਾਮਿਲ ਸਨ।