*ਪੰਜਾਬ ਸਰਕਾਰ ਨੇ ਸਥਿਤੀ ਨਾਲ ਨਜਿੱਠਣ ਲਈ ਕੀਤੇ ਸਾਰੇ ਲੋੜੀਂਦੇ ਇੰਤਜ਼ਾਮ
*ਫਗਵਾੜਾ ’ਚ ਹੋਈ ਮੌਤ ਦਾ ਮਾਮਲਾ ਕੋਰੋਨਾ ਵਾਇਰਸ ਦਾ ਨਹੀਂ
*ਫਿਰ ਵੀ ਇਹਤਿਆਤ ਦੇ ਤੌਰ ’ਤੇ ਵਰਤੀ ਜਾਵੇਗੀ ਪੂਰੀ ਸਾਵਧਾਨੀ
ਫਗਵਾੜਾ, (ਡਾ ਰਮਨ/ਅਜੇ ਕੋਛੜ)
ਪੰਜਾਬ ਦੇ ਉਦਯੋਗ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਹੈ ਕਿ ਲੋਕਾਂ ਨੂੰ ਕੋਰੋਨਾ ਵਾਇਰਸ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ। ਉਨਾਂ ਕਿਹਾ ਪੰਜਾਬ ਸਰਕਾਰ ਵੱਲੋਂ ਸਥਿਤੀ ਨਾਲ ਨਜਿੱਠਣ ਲਈ ਸਾਰੇ ਲੋੜੀਂਦੇ ਇੰਤਜ਼ਾਮ ਕੀਤੇ ਗਏ ਹਨ ਅਤੇ ਲੋਕਾਂ ਨੂੰ ਇਸ ਸਬੰਧੀ ਸਰਕਾਰ ਦਾ ਸਹਿਯੋਗ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਸਥਿਤੀ ’ਤੇ ਨੇੜਿਓਂ ਨਜ਼ਰ ਰੱਖ ਰਹੇ ਹਨ ਅਤੇ ਕਿਸੇ ਨੂੰ ਵੀ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਅੱਜ ਦੇਰ ਸ਼ਾਮ ਫਗਵਾੜਾ ਦੌਰੇ ’ਤੇ ਪਹੁੰਚੇ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਸਥਾਨਕ ਰੈਸਟ ਹਾੳੂਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਫਗਵਾੜਾ ਵਿਖੇ ਇੰਗਲੈਂਡ ਤੋਂ ਆਏ 82 ਸਾਲਾ ਮੋਹਨ ਲਾਲ ਨਾਂਅ ਦੇ ਵਿਅਕਤੀ ਦੀ ਮੌਤ ਕੋਰੋਨਾ ਵਾਇਰਸ ਨਾਲ ਹੋਣ ਜਿਹੀ ਕੋਈ ਗੱਲ ਸਾਹਮਣੇ ਨਹੀਂ ਆਈ। ਉਨਾਂ ਕਿਹਾ ਕਿ ਫਿਰ ਵੀ ਇਸ ਸਬੰਧੀ ਇਹਤਿਆਤੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਉਸ ਦੇ ਸੰਪਰਕ ਵਿਚ ਆਏ ਵਿਅਕਤੀਆਂ ਨੂੰ ਅਲੱਗ ਰੱਖਿਆ ਜਾਵੇਗਾ ਅਤੇ ਸਾਰੀਆਂ ਲੋੜੀਂਦੀਆਂ ਸਾਵਧਾਨੀਆਂ ਵਰਤੀਆਂ ਜਾਣਗੀਆਂ। ਉਨਾਂ ਕਿਹਾ ਕਿ ਕੋਰੋਨਾ ਵਾਇਰਸ ਸਬੰਧੀ ਅਫ਼ਵਾਹਾਂ ਫੈਲਾਉਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਇਸ ਕੋਰੋਨਾ ਵਾਇਰਸ ਸਬੰਧੀ ਕੋਈ ਦਹਿਸ਼ਤ ਪੈਦਾ ਨਾ ਕੀਤੀ ਜਾਵੇ। ਉਨਾਂ ਕਿਹਾ ਕਿ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਫੈਲਾਅ ਤੋਂ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਜੋ ਸਾਵਧਾਨੀਆਂ ਵਰਤਣ ਲਈ ਆਖਿਆ ਗਿਆ ਹੈ, ਉਸ ਦਾ ਲੋਕਾਂ ਨੂੰ ਪੂਰੀ ਤਰਾਂ ਪਾਲਣ ਕਰਨ ਦੀ ਲੋੜ ਹੈ।
ਇਸ ਤੋਂ ਪਹਿਲਾਂ ਉਨਾਂ ਡਾਇਰੈਕਟਰ ਸਿਹਤ ਡਾ. ਪਰਮਿੰਦਰ ਦੀ ਮੌਜੂਦਗੀ ਵਿਚ ਡਿਪਟੀ ਕਮਿਸ਼ਨਰ, ਐਸ. ਐਸ. ਪੀ, ਸਿਵਲ ਸਰਜਨ ਅਤੇ ਹੋਰਨਾਂ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲੇ ਵਿਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਜ਼ਿਲੇ ਵਿਚ ਕੀਤੇ ਗਏ ਇੰਤਜ਼ਾਮਾਂ ਦਾ ਜਾਇਜ਼ਾ ਲਿਆ। ਉਨਾਂ ਇਸ ਮੌਕੇ ਹਦਾਇਤ ਕੀਤੀ ਕਿ ਜ਼ਿਲੇ ਦੇ ਕਿਸੇ ਵੀ ਅਧਿਕਾਰੀ ਨੂੰ ਹੰਗਾਮੀ ਹਾਲਤ ਤੋਂ ਬਿਨਾਂ ਸਟੇਸ਼ਨ ਛੱਡਣ ਦੀ ਆਗਿਆ ਨਾ ਦਿੱਤੀ ਜਾਵੇ। ਉਨਾਂ ਡਿਪਟੀ ਕਮਿਸ਼ਨਰ ਨੂੰ ਜ਼ਿਲੇ ’ਚ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਅਗਾਊਂ ਰੂਪ ’ਚ ਵੱਧ ਤੋਂ ਵੱਧ ਆਈਸੋਲੇਸ਼ਨ ਵਾਰਡ ਸਥਾਪਿਤ ਕਰਕੇ ਰੱਖਣ ਲਈ ਆਖਿਆ। ੳਿੁਨਾਂ ਸਿਵਲ ਸਰਜਨ ਨੂੰ ਮੈਡੀਕਲ ਟੀਮਾਂ ਨੂੰ 24 ਘੰੰਟੇ ਤਿਆਰ ਕਰਕੇ ਰੱਖਣ ਅਤੇ ਕਿਸੇ ਵੀ ਤਰਾਂ ਦੇ ਸਾਮਾਨ ਦੀ ਲੋੜ ਪੈਣ ’ਤੇ ਤੁਰੰਤ ਖਰੀਦਣ ਲਈ ਵੀ ਆਖਿਆ। ਉਨਾਂ ਕਿਹਾ ਕਿ ਜਨਤਕ ਥਾਵਾਂ ’ਤੇ ਹੱਥ ਧੋਣ ਲਈ ਸਾਬਣ ਅਤੇ ਪਾਣੀ ਦੇ ਪੁਖ਼ਤਾ ਇੰਤਜ਼ਾਮ ਕੀਤੇ ਜਾਣ ਅਤੇ ਥਾਣਿਆਂ ਆਦਿ ਵਿਚ ਵੀ ਜ਼ਿਆਦਾ ਲੋਕਾਂ ਨੂੰ ਸੱਦਣ ਤੋਂ ਗੁਰੇਜ਼ ਕੀਤਾ ਜਾਵੇ। ਉਨਾਂ ਦੱਸਿਆ ਕਿ ਇਸ ਕੰਮ ਲਈ ਜਿੰਨੇ ਫੰਡ ਦੀ ਲੋੜ ਹੈ, ਉਹ ਤੁਰੰਤ ਮੁਹੱਈਆ ਕਰਵਾਇਆ ਜਾਵੇਗਾ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਵੀ ਸਪੱਸ਼ਟ ਕੀਤਾ ਕਿ ਫਗਵਾੜਾ ਵਿਚ ਮੌਤ ਦਾ ਮਾਮਲਾ ਕੋਰੋਨਾ ਪਾਜ਼ੇਟਿਵ ਨਹੀਂ ਹੈ। ਉਨਾਂ ਕਿਹਾ ਕਿ ਮਰੀਜ਼ ਵੱਲੋਂ ਸ਼ੂਗਰ ਬੇਹੱਦ ਵਧਣ ਕਾਰਨ ਆਪਣਾ ਘਰ ਵਿਚ ਹੀ ਇਲਾਜ ਕਰਵਾਇਆ ਜਾ ਰਿਹਾ ਸੀ ਅਤੇ ਉਸ ਦੀ ਮੌਤ ਵੀ ਘਰ ਵਿਚ ਹੀ ਹੋਈ ਹੈ। ਉਨਾਂ ਕਿਹਾ ਕਿ ਇਸ ਸਬੰਧੀ ਅਫ਼ਵਾਹਾਂ ਫੈਲਾਉਣ ਵਾਲਿਆਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਜ਼ਿਲੇ ਵਿਚ ਢੁਕਵੇਂ ਕਦਮ ਚੁੱਕੇ ਗਏ ਹਨ। ਉਨਾਂ ਜ਼ਿਲੇ ਦੇ ਲੋਕਾਂ ਅਪੀਲ ਕੀਤੀ ਕਿ ਉਹ ਅਫ਼ਵਾਹਾਂ ’ਤੇ ਯਕੀਨ ਨਾ ਕਰਨ ਅਤੇ ਕਿਸੇ ਵੀ ਤਰਾਂ ਦੀ ਪੁਖਤਾ ਜਾਣਕਾਰੀ ਸਿਹਤ ਵਿਭਾਗ ਤੋਂ ਹੀ ਲੈਣ। ਉਨਾਂ ਇਹ ਵੀ ਅਪੀਲ ਕੀਤੀ ਕਿ ਲੋਕ ਕਿਸੇ ਵੀ ਅਣਸੁਖਾਵੀਂ ਸਥਿਤੀ ਬਾਰੇ ਸੋਚ ਕੇ ਘਬਰਾਹਟ ਵਿਚ ਨਾ ਆਉਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਸ. ਗੁਰਮੀਤ ਸਿੰਘ ਮੁਲਤਾਨੀ, ਐਸ. ਡੀ. ਐਮ ਫਗਵਾੜਾ ਸ. ਗੁਰਵਿੰਦਰ ਸਿੰਘ ਜੌਹਲ, ਸਿਵਲ ਸਰਜਨ ਡਾ. ਜਸਮੀਤ ਬਾਵਾ, ਸਹਾਇਕ ਸਿਵਲ ਸਰਜਨ ਡਾ. ਰਮੇਸ਼ ਕੁਮਾਰੀ ਬੰਗਾ, ਕਾਰਜਕਾਰੀ ਐਸ. ਐਮ. ਓ ਫਗਵਾੜਾ ਡਾ. ਐਸ. ਪੀ ਸਿੰਘ, ਜ਼ਿਲਾ ਐਪੀਡੀਮੋਲੋਜਿਸਟ ਡਾ. ਰਾਜੀਵ ਭਗਤ, ਸ੍ਰੀ ਕਮਲ ਧਾਲੀਵਾਲ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।