ਫਗਵਾੜਾ ( ਡਾ ਰਮਨ /ਅਜੇ ਕੋਛੜ) ਪੰਜਾਬ ਵਿੱਚ ਕੋਰੋਨਾ ਵਾਇਰਸ (ਕੋਵਿਡ-19) ਦੇ ਫੈਲਾਅ ਨੂੰ ਰੋਕਣ ਦੇ ਮਨੋਰਥ ਨਾਲ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਐਸ.ਡੀ.ਐਮ ਫਗਵਾੜਾ ਗੁਰਵਿੰਦਰ ਸਿੰਘ ਜੋਹਲ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਕਰਮਚਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਵੀ ਉਚੇਰੇ ਤੌਰ ਤੇ ਸ਼ਾਮਲ ਹੋਏ। ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਨੇ ਦੱਸਿਆ ਕਿ ਸਿਹਤ ਵਿਭਾਗ ਦੇ ਸਹਿਯੋਗ ਨਾਲ ਵੱਖ-ਵੱਖ ਟੀਮਾ ਦਾ ਗਠਨ ਕੀਤਾ ਗਿਆ ਹੈ ਜੋ ਸਬ-ਡਵੀਜਨ ਵਿਚ ਘਰ-ਘਰ ਜਾ ਕੇ ਬਿਮਾਰ ਵਿਅਕਤੀਆਂ ਦੀ ਤਸਦੀਕ ਕਰਨਗੀਆਂ ਅਤੇ ਜੋ ਲੋਕ ਪਿਛਲੇ ਕੁੱਝ ਦਿਨਾਂ ਵਿਚ ਵਿਦੇਸ਼ਾਂ ਤੋਂ ਆਏ ਹਨ ਉਨ•ਾਂ ਦਾ ਵੇਰਵਾ ਅਤੇ ਸਿਹਤ ਸਬੰਧੀ ਜਾਣਕਾਰੀ ਪ੍ਰਾਪਤ ਕਰਨਗੀਆਂ। ਉਨ੍ਹਾਂ ਸਮੂਹ ਨਾਗਰਿਕਾਂ ਨੂੰ ਪੁਰਜੋਰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਦੇ ਪੂਰੀ ਤਰ੍ਹਾਂ ਖਾਤਮੇ ਅਤੇ ਆਪਣੀ ਸਿਹਤ ਦੀ ਸੁਰੱਖਿਆ ਨੂੰ ਦੇਖਦੇ ਹੋਏ ਗਠਿਤ ਕੀਤੀਆਂ ਟੀਮਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ। ਇਸ ਮੌਕੇ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਜੋ ਉਪਰਾਲੇ ਲੋਕਲ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਹਨ ਉਨ•ਾਂ ਬਾਰੇ ਐਸ.ਡੀ.ਏਮ. ਗੁਰਵਿੰਦਰ ਸਿੰਘ ਜੋਹਲ ਅਤੇ ਏ.ਡੀ.ਸੀ ਗੁਰਮੀਤ ਸਿੰਘ ਮੁਲਤਾਨੀ ਤੋਂ ਜਾਣਕਾਰੀ ਪ੍ਰਾਪਤ ਕੀਤੀ। ਵਿਧਾਇਕ ਧਾਲੀਵਾਲ ਨੇ ਸਬ ਡਵੀਜਨ ਦੇ ਸਮੂਹ ਵਸਨੀਕਾਂ ਨੂੰ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਜਾਗਰੂਕਤਾ ਰਖਣ ਦੀ ਅਪੀਲ ਕੀਤੀ ਅਤੇ ਦੱਸਿਆ ਕਿ ਹਾਲਾਤ ਨੂੰ ਦੇਖਦੇ ਹੋਏ ਯੂਨੀਵਰਸਿਟੀ ਕੈਂਪਸ ਅਤੇ ਗੈਸਟ ਹਾਊਸ ਖਾਲੀ ਕਰਵਾਏ ਗਏ ਹਨ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਐਤਵਾਰ 22 ਮਾਰਚ ਨੂੰ ਕਰਫਿਊ ਵਾਲੀ ਕੋਈ ਗੱਲ ਨਹੀਂ ਹੈ ਪਰ ਲੋਕਾਂ ਨੂੰ ਅਪੀਲ ਹੈ ਕਿ ਅਹਿਤਿਆਤ ਦੇ ਤੌਰ ਤੇ ਆਪਣੇ ਘਰਾਂ ਵਿੱਚ ਹੀ ਰਹਿਣ ਤਾਂ ਕਿ ਕਰੋਨਾ ਵਾਇਰਸ ਦੇ ਪ੍ਰਕੋਪ ਤੋਂ ਬਚਿਆ ਜਾ ਸਕੇ। ਇਸ ਮੌਕੇ ਕਾਂਗਰਸੀ ਆਗੂ ਗੁਰਜੀਤ ਪਾਲ ਵਾਲੀਆ, ਜਗਜੀਤ ਬਿੱਟੂ, ਅਮਰਿੰਦਰ ਸਿੰਘ ਰਘੂ ਆਦਿ ਹਾਜਰ ਸਨ।