* ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਪ੍ਰਬੰਧਾਂ ਦੀ ਕੀਤੀ ਸ਼ਲਾਘਾ
ਫਗਵਾੜਾ (ਡਾ ਰਮਨ) ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਅਤੇ ਫੂਡ ਐਗਰੋ ਇੰਡਸਟ੍ਰੀਜ ਕਾਰਪੋਰੇਸ਼ਨ ਪੰਜਾਬ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਨੇ ਚੰਡੀਗੜ ਦੇ ਪੀ.ਜੀ.ਆਈ. ਹਸਪਤਾਲ ਵਿਖੇ ਕੋਰੋਨਾ ਦੀ ਭੇਂਟ ਚੜੀ ਫਗਵਾੜਾ ਦੀ ਮਾਸੂਮ ਬੱਚੀ ਦੇ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੇ ਗੱਲਬਾਤ ਦੌਰਾਨ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ ਪਰ ਪਰਮਾਤਮਾ ਦੀ ਮਰਜੀ ਦੇ ਅੱਗੇ ਕਿਸੇ ਦਾ ਕੋਈ ਜੋਰ ਨਹੀਂ ਚਲਦਾ। ਉਹਨਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਉਹ ਅਤੇ ਪੂਰਾ ਜ਼ਿਲ੍ਹਾ ਪ੍ਰਸ਼ਾਸਨ ਦੁਖੀ ਪਰਿਵਾਰ ਦੇ ਨਾਲ ਹੈ। ਉਹਨਾਂ ਕਿਹਾ ਕਿ ਡਿਪਟੀ ਕਮੀਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਅਤੇ ਐਸ.ਐਸ.ਪੀ. ਕਪੂਰਥਲਾ ਸਤਿੰਦਰ ਸਿੰਘ ਦੇ ਵਧੀਆ ਪ੍ਰਬੰਧਾਂ ਦੀ ਬਦੌਲਤ ਹੀ ਜ਼ਿਲ੍ਹਾ ਕਪੂਰਥਲਾ ਕੋਰੋਨਾ ਵਾਇਰਸ ਵਰਗੀ ਖਤਰਨਾਕ ਮਹਾਮਾਰੀ ਤੋਂ ਸੁਰੱਖਿਅਤ ਹੈ। ਜ਼ਿਲੇ ਦੇ ਜੋ ਦੋ ਕੋਰੋਨਾ ਪਾਜੀਟਿਵ ਮਰੀਜ਼ ਸ਼ੁਨਾਖਤ ਹੋਏ ਸਨ ਉਹਨਾਂ ਨੂੰ ਵਧੀਆ ਇਲਾਜ਼ ਡੀ.ਸੀ. ਕਪੂਰਥਲਾ ਅਤੇ ਸੀ.ਐਮ.ਓ. ਦੀ ਨਿਗਰਾਨੀ ਹੇਠ ਕਰਵਾਇਆ ਗਿਆ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੂਰੀ ਚੋਕਸੀ ਵਰਤਦੇ ਹੋਏ ਲੋੜ ਅਨੁਸਾਰ ਦੋਵੇਂ ਮਰੀਜਾਂ ਦੇ ਸੰਪਰਕ ਵਿਚ ਆਏ ਲੋਕਾਂ ਨੂੰ ਘਰਾਂ ਵਿਚ ਰਹਿਣ ਦੀ ਹਦਾਇਤ ਕੀਤੀ ਗਈ ਜਿਸ ਕਰਕੇ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕਿਆ। ਉਹਨਾਂ ਕਪੂਰਥਲਾ ਦੇ ਮਰੀਜ ਦੀ ਰਿਪੋਰਟ ਨੈਗਟਿਵ ਆਉਣ ਤੇ ਤਸੱਲੀ ਦਾ ਪ੍ਰਗਟਾਵਾ ਕਰਨ ਦੇ ਨਾਲ ਹੀ ਸਥਾਨਕ ਯੁਨੀਵਰਸਿਟੀ ਦੀ ਵਿਦਿਆਰਥਣ ਦੇ ਵੀ ਜਲਦੀ ਠੀਕ ਹੋਣ ਦੀ ਪਰਮਾਤਮਾ ਅੱਗੇ ਅਰਦਾਸ ਕੀਤੀ।