– ‘ਮਿਸ਼ਨ ਫ਼ਤਿਹ’ ਤਹਿਤ 1880 ਆਂਗਣਵਾੜੀ ਵਰਕਰ ਫੈਲਾਉਣਗੇ ਜਾਗਰੂਕਤਾ : ਡਿਪਟੀ ਕਮਿਸ਼ਨਰ
-ਕਿਹਾ, ਸਰਕਾਰ ਵਲੋਂ ਜਨਤਾ ਨੂੰ ਕੋਰੋਨਾ ਤੋਂ ਸੁਰੱਖਿਅਤ ਰੱਖਣ ਲਈ ਹੀ ਕੀਤੀ ਗਈ ਹੈ ‘ਮਿਸ਼ਨ ਫਤਿਹ’ ਦੀ ਸ਼ੁਰੂਆਤ
-‘ਮਾਸਕ ਦੀ ਵਰਤੋਂ, ਸਮੇਂ-ਸਮੇਂ ’ਤੇ ਹੱਥ ਧੋਣ ਅਤੇ ਸਮਾਜਿਕ ਦੂਰੀ ਬਰਕਰਾਰ ਰੱਖਣ ਬਾਰੇ ਪ੍ਰੇਰਿਤ ਕਰਨਾ ਹੀ ਹੈ ‘ਮਿਸ਼ਨ ਫਤਿਹ’ ਦਾ ਮੁੱਖ ਉਦੇਸ਼’

ਹੁਸ਼ਿਆਰਪੁਰ, 15 ਜੂਨ (ਫੂਲਾ ਰਾਮ ਬੀਰਮਪੁਰ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰ-ਅੰਦੇਸ਼ੀ ਸੋਚ ਸਦਕਾ ਪੰਜਾਬ ਸਰਕਾਰ ਵਲੋਂ ਕੋਰੋਨਾ ’ਤੇ ਫਤਿਹ ਪਾਉਣ ਲਈ ਸ਼ੁਰੂ ਕੀਤੇ ‘ਮਿਸ਼ਨ ਫਤਿਹ’ ਤਹਿਤ ਅੱਜ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਂਗਣਵਾੜੀ ਵਰਕਰਾਂ ਨੂੰ ਕੋਰੋਨਾ ਯੋਧਿਆਂ ਦੇ ਬੈਜ਼ ਲਗਾਏ। ਉਪਰੰਤ ਸੀ.ਡੀ.ਪੀ.ਓ. ਸ਼੍ਰੀਮਤੀ ਰਣਜੀਤ ਕੌਰ ਵਲੋਂ ਵੀ ਡਿਪਟੀ ਕਮਿਸ਼ਨਰ ਨੂੰ ਕੋਰੋਨਾ ਯੋਧੇ ਦਾ ਬੈਜ਼ ਲਗਾਇਆ ਗਿਆ। ਇਸ ਮੌਕੇ ਆਂਗਣਵਾੜੀ ਵਰਕਰਾਂ ਨੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਦਾ ਸੰਕਲਪ ਲੈਂਦਿਆਂ ਪੂਰੇ ਉਤਸ਼ਾਹ ਨਾਲ ਸੈਲਫੀ ਖਿੱਚ ਕੇ ਕੋਵਾ ਐਪ ’ਤੇ ਅਪਲੋਡ ਵੀ ਕੀਤੀਆਂ।
ਡਿਪਟੀ ਕਮਿਸ਼ਨਰ ਨੇ ਕੋਰੋਨਾ ਯੋਧਿਆਂ ਦਾ ਬੈਜ਼ ਲਗਾਉਣ ਦੌਰਾਨ ਆਂਗਣਵਾੜੀ ਵਰਕਰਾਂ ਦਾ ਉਤਸ਼ਾਹ ਵਧਾਉਂਦਿਆਂ ਕਿਹਾ ਕਿ 16 ਜੂਨ ਨੂੰ ਆਪੋ-ਆਪਣੇ ਪਿੰਡ ਦੇ ਆਂਗਨਵਾੜੀ ਸੈਂਟਰਾਂ ਵਿੱਚ ਆਉਣ ਵਾਲੇ ਬੱਚਿਆਂ ਦੇ ਘਰਾਂ ਦਾ ਦੌਰਾ ਕੀਤਾ ਜਾਵੇ ਅਤੇ ਪਰਿਵਾਰਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਬਾਰੇ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਸ਼ਲਾਘਾ ਕਰਦਿਆਂ ਕਿਹਾ ਕਿ ਕੋਵਿਡ-19 ਦੇ ਮੱਦੇਨਜ਼ਰ ਆਂਗਣਵਾੜੀ ਵਰਕਰਾਂ ਵਲੋਂ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਈ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਨਤਾ ਨੂੰ ਸੁਰੱਖਿਅਤ ਰੱਖਣ ਲਈ ਹੀ ‘ਮਿਸ਼ਨ ਫਤਿਹ’ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਸਰਪੰਚਾਂ ਅਤੇ ਸਵੈ-ਸੇਵੀ ਸੰਸਥਾਵਾਂ ਵਲੋਂ ਵੀ ਜ਼ਮੀਨੀ ਪੱਧਰ ’ਤੇ ਸਾਵਧਾਨੀਆਂ ਵਰਤਣ ਦਾ ਸੁਨੇਹਾ ਦਿੱਤਾ ਜਾਵੇਗਾ।
ਸ਼੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਸਮਾਜਿਕ ਦੂਰੀ ਬਰਕਰਾਰ ਰੱਖਣ, ਮਾਸਕ ਦੀ ਵਰਤੋਂ ਸਮੇਤ ਸਮੇਂ-ਸਮੇਂ ’ਤੇ ਸਾਬਣ ਨਾਲ 20 ਸੈਕਿੰਡ ਤੱਕ ਹੱਥ ਧੋਣ ਬਾਰੇ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ‘ਮਿਸ਼ਨ ਫ਼ਤਿਹ’ ਦਾ ਉਦੇਸ਼ ਕੋਰੋਨਾ ਵਾਇਰਸ ਤੋਂ ਬਚਣ ਲਈ ਪੰਜਾਬ ਸਰਕਾਰ ਵਲੋਂ ਸੁਝਾਈਆਂ ਗਈਆਂ ਸਾਵਧਾਨੀਆਂ ਦਾ ਅਮਲੀ ਰੂਪ ਵਿੱਚ ਪਾਲਣ ਕਰਵਾਉਣ ਲਈ ਜਾਗਰੂਕ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਵੱਡੀ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਜ਼ਮੀਨੀ ਗਤੀਵਿਧੀਆਂ 15 ਤੋਂ 21 ਜੂਨ ਤੱਕ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਪਹਿਲੇ ਦਿਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਯੋਧਿਆਂ ਨੂੰ ਸਰਕਾਰ ਵਲੋਂ ‘ਮਿਸ਼ਨ ਫ਼ਤਿਹ’ ਦਾ ਪ੍ਰਤੀਕ ਬੈਜ਼ ਦੇਣ ਦੀ ਰਸਮ ਨਿਭਾਈ ਗਈ ਹੈ ਅਤੇ ਇਹ ਕੋਰੋਨਾ ਯੋਧੇ ਬੈਜ਼ ਤੇ ਮਾਸਕ ਸਮੇਤ ਆਪਣੀ ਸੈਲਫ਼ੀ ਖਿੱਚ ਕੇ ਕੋਵਾ ਐਪ ’ਤੇ ਅਪਲੋਡ ਕਰਨਗੇ।
ਸ਼੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ 17 ਜੂਨ ਨੂੰ ਪਿੰਡਾਂ ਦੇ ਸਰਪੰਚਾਂ ਵਲੋਂ ਬੈਜ ਲਗਾ ਕੇ ਪਿੰਡ ਵਾਸੀਆਂ ਨੂੰ ਮਿਲਿਆ ਜਾਵੇਗਾ ਅਤੇ ਕੋਵਿਡ-19 ਦੀ ਰੋਕਥਾਮ ਲਈ ਅਹਿਮ ਬਚਾਅ ਪ੍ਰਬੰਧਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੋਵਾ ਐਪ ’ਤੇ ਕੋਵਿਡ-19 ਦੀਆਂ ਸਾਵਧਾਨੀਆਂ ਤਹਿਤ ਆਪਣੀ ਫੋਟੋ ਅਪਲੋਡ ਕਰਨ ਵਾਲੇ ਵਿਅਕਤੀ/ਸੰਸਥਾ ਦੀ ਚੋਣ ਸੂਬਾਈ ਪੱਧਰ ’ਤੇ ਕੀਤੀ ਜਾਵੇਗੀ, ਜਿਸ ਦੀ ਸੂਚੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਭੇਜੀ ਜਾਵੇਗੀ, ਤਾਂ ਜੋ ਉਨ੍ਹਾਂ ਦੀ ਬੈਜ਼ ਅਤੇ ਟੀ-ਸ਼ਰਟ ਰਾਹੀਂ ਹੌਸਲਾ ਅਫ਼ਜਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਕੋਵਾ ਐਪ ਰਾਹੀਂ ਮਿਸ਼ਨ ਫਤਿਹ ਯੋਧਿਆਂ ਦੀ ਚੋਣ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਮੁਕਾਬਲੇ ਵਿਚ ਭਾਗ ਲੈਣ ਲਈ ਲੋਕ ਕੋਵਾ ਐਪ ਆਪਣੇ ਮੋਬਾਇਲ ਵਿਚ ਡਾਊਨਲੋਡ ਕਰਨ ਅਤੇ ਇਸ ਤਹਿਤ ਕੋਵਾ ਐਪ ’ਤੇ ਰਜਿਸਟ੍ਰੇਸ਼ਨ 17 ਜੂਨ ਤੋਂ ਸ਼ੁਰੂ ਹੋਵੇਗੀ।