ਫਗਵਾੜਾ, 12 ਫਰਵਰੀ : ( ਡਾ ਰਮਨ/ਅਜੇ ਕੋਛੜ)

ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੁੱਲਾਰਾਈ ਦਾ ਨਿਰੀਖਣ ਕੀਤਾ ਗਿਆ। ਇਸ ਦੌਰਾਨ ਉਨਾਂ ਸਮਾਰਟ ਸਕੂਲ ਦੇ ਸਮਾਰਟ ਕਲਾਸ ਰੂਮਾਂ, ਵੱਖ-ਵੱਖ ਲੈਬਾਂ, ਲਾਇਬ੍ਰੇਰੀ, ਵਾਸ਼ਰੂਮਾਂ, ਸਾਫ਼-ਸਫ਼ਾਈ, ਹਰਿਆਲੀ, ਪੀਣ ਵਾਲੇ ਪਾਣੀ ਅਤੇ ਹੋਰਨਾਂ ਵਿਸ਼ੇਸ਼ ਸੁਵਿਧਾਵਾਂ ਦਾ ਬਾਰੀਕੀ ਨਾਲ ਮੁਆਇਨਾ ਕੀਤਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸਕੂਲਾਂ ਨੂੰ ਸਮਾਰਟ ਬਣਾਉਣ ਦੀ ਮੁਹਿੰਮ ਵਿੱਢੀ ਗਈ ਹੈ, ਜਿਸ ਤਹਿਤ ਜਿਥੇ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ, ਉਥੇ ਇਨਾਂ ਵਿਚ ਪੜਾਈ ਦੇ ਮਿਆਰ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਇਸ ਮੁਹਿੰਮ ਤਹਿਤ ਕਪੂਰਥਲਾ ਜ਼ਿਲੇ ਦੇ ਬਹੁਤ ਸਾਰੇ ਸਕੂਲਾਂ ਨੂੰ ਸਮਾਰਟ ਸਕੂਲ ਬਣਾਇਆ ਗਿਆ ਹੈ, ਜਿਨਾਂ ਵਿਚੋਂ ਭੁੱਲਾਰਾਈ ਦਾ ਇਹ ਸਕੂਲ ਵੀ ਸ਼ਾਮਿਲ ਹੈ। ਇਸ ਦੌਰਾਨ ਉਨਾਂ ਸਕੂਲ ਪਿ੍ਰੰਸੀਪਲ ਕੋਲੋਂ ਸਕੂਲ ਵਿਚ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਪਿ੍ਰੰਸੀਪਲ ਨੇ ਇਸ ਮੌਕੇ ਦੱਸਿਆ ਕਿ ਇਸ ਸਕੂਲ ਵਿਚੋਂ ਸਿੱਖਿਆ ਪ੍ਰਾਪਤ ਵਿਦਿਆਰਥੀਆਂ ਨੇ ਉੱਚ ਮੁਕਾਮ ਹਾਸਲ ਕੀਤੇ ਗਏ ਹਨ ਅਤੇ ਵਿਦੇਸ਼ਾਂ ਵਿਚ ਵੀ ਚੰਗਾ ਨਾਂਅ ਕਮਾਇਆ ਹੈ। ਉਨਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸਕੂਲ ਨੂੰ ਆਧੁਨਿਕ ਸੁਵਿਧਾਵਾਂ ਨਾਲ ਲੈਸ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਐਸ. ਡੀ. ਐਮ ਫਗਵਾੜਾ ਸ. ਗੁਰਵਿੰਦਰ ਸਿੰਘ ਜੌਹਲ, ਪਿ੍ਰੰਸੀਪਲ ਸੁਰੇਸ਼ ਗੁਪਤਾ, ਸ. ਦਵਿੰਦਰ ਪਾਲ ਸਿੰਘ ਆਹੂਜਾ ਤੋਂ ਇਲਾਵਾ ਸਕੂਲ ਸਟਾਫ ਅਤੇ ਹੋਰ ਅਧਿਕਾਰੀ ਹਾਜ਼ਰ ਸਨ।