* ਉਪਰਾਲੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕੀਤਾ ਧੰਨਵਾਦ
ਫਗਵਾੜਾ (ਡਾ ਰਮਨ ) ਪੰਜਾਬ ਐਗਰੋ ਇੰਡਸਟ੍ਰੀਜ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਸੂਬੇ ਦੇ ਸਾਬਕਾ ਕੈਬਿਨੇਟ ਮੰਤਰੀ ਜੋਗਿੰਦਰ ਸਿੰਘ ਮਾਨ ਨੇ ਗ੍ਰੀਨਫੀਲਡ ਪ੍ਰੋਜੈਕਟ ਦੇ ਤਹਿਤ ਬਣਾਏ ਜਾਣ ਵਾਲੇ ਦਿੱਲੀ-ਕਟੜਾ ਐਕਸਪ੍ਰੈਸ ਵੇਅ ਨੂੰ ਨਕਸ਼ੇ ਵਿਚ ਫੇਰਬਦਲ ਕਰਕੇ ਦੁਬਾਰਾ ਵਾਇਆ ਅੰਮ੍ਰਿਤਸਰ ਬਨਾਉਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਸ਼ਿਸ਼ ਸਦਕਾ ਹੀ ਇਹ ਸੰਭਵ ਹੋ ਸਕਿਆ ਜਿਸ ਨਾਲ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਸਮੇਤ ਪੰਜ ਗੁਰੂ ਧਾਮ ਇਸ ਐਕਸ-ਪ੍ਰੈਸ ਵੇਅ ਨਾਲ ਜੁੜ ਸਕਣਗੇ ਅਤੇ ਇਹ ਸਿੱਖ ਸੰਗਤ ਲਈ ਬਹੁਤ ਹੀ ਖੁਸ਼ੀ ਦੀ ਗੱਲ ਹੈ। ਉਹਨਾਂ ਕਿਹਾ ਕਿ ਸੁਲਤਾਨਪੁਰ ਲੋਧੀ ਦੀ ਧਰਤੀ ਨਾਲ ਦੁਨੀਆ ਭਰ ‘ਚ ਵੱਸਦੀ ਸਿੱਖ ਸੰਗਤ ਭਾਵਨਾਤਮਕ ਰੂਪ ਨਾਲ ਜੁੜੀ ਹੋਈ ਹੈ ਕਿਉਂਕਿ ਗੁਰੂ ਸਾਹਿਬ ਨੇ ਇੱਥੇ ਜਿੰਦਗੀ ਦੇ ਕਰੀਬ 14 ਸਾਲ ਵਤੀਤ ਕੀਤੇ ਅਤੇ ਸੰਗਤਾਂ ਨੂੰ ਕਿਰਤ ਕਰੋ, ਨਾਮ ਜਪੋ, ਵੰਡ ਛਕੋ ਦਾ ਉਪਦੇਸ਼ ਦਿੱਤਾ। ਸਮੁੱਚੇ ਸਿੱਖ ਜਗਤ ਅਤੇ ਗੁਰੂ ਨਾਨਕ ਨਾਮਲੇਵਾ ਸੰਗਤ ਨੂੰ ਕੈਪਟਨ ਸਰਕਾਰ ਦਾ ਗੁਰੂ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਹ ਅਨਮੋਲ ਤੋਹਫਾ ਹੈ। ਇਸ ਐਕਸਪ੍ਰੈਸ ਵੇਅ ਦੇ ਬਨਣ ਨਾਲ ਨਾ ਸਿਰਫ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਬਲਕਿ ਵਿਦੇਸ਼ਾਂ ਤੋਂ ਵੀ ਦਿੱਲੀ ਦੇ ਰਸਤੇ ਆਉਣ ਵਾਲੀਆਂ ਸੰਗਤਾਂ ਨੂੰ ਭਾਰੀ ਸਹੂਲਤ ਮਿਲੇਗੀ। ਦਿੱਲੀ ਤੋਂ ਕਰੀਬ ਚਾਰ ਘੰਟੇ ਦਾ ਸਫਰ ਤੈਅ ਕਰਕੇ ਸੰਗਤ ਗੁਰੂ ਨਗਰੀ ਸੁਲਤਾਨਪੁਰ ਲੋਧੀ ਤੋਂ ਇਲਾਵਾ ਗੋਇੰਦਵਾਲ ਸਾਹਿਬ, ਖਡੂਰ ਸਾਹਿਬ, ਤਰਨਤਾਰਨ ਅਤੇ ਅੰਮ੍ਰਿਤਸਰ ਦੇ ਗੁਰੂ ਧਾਮਾਂ ਦੇ ਦਰਸ਼ਨ ਦੀਦਾਰ ਕਰ ਸਕੇਗੀ। ਉਨ੍ਹਾਂਇਸ ਉਪਰਾਲੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸਮੂਹ ਸੰਗਤ ਵਲੋਂ ਧੰਨਵਾਦ ਵੀ ਕੀਤਾ।