*ਵਾਇਰਸ ਤੋਂ ਬਚਾਅ ਲਈ ਪੰਜਾਬ ਸਰਕਾਰ ਨੇ ਚੁੱਕੇ ਲੋੜੀਂਦੇ ਕਦਮ
ਫਗਵਾੜਾ(ਡਾ ਰਮਨ/ਅਜੇ ਕੋਛੜ)
ਨੋਵਲ ਕੋਰੋਨਾ ਵਾਇਰਸ (ਕੋਵਿਡ-19) ਤੋਂ ਡਰਨ ਦੀ ਬਜਾਏ ਇਸ ਪ੍ਰਤੀ ਸਚੇਤ ਹੋਣ ਦੀ ਲੋੜ ਹੈ ਅਤੇ ਜਾਗਰੂਕਤਾ ਹੀ ਇਸ ਬਿਮਾਰੀ ਦਾ ਇਕੋ-ਇਕ ਇਲਾਜ ਹੈ। ਇਹ ਪ੍ਰਗਟਾਵਾ ਹਲਕਾ ਵਿਧਾਇਕ ਫਗਵਾੜਾ ਸ. ਬਲਵਿੰਦਰ ਸਿੰਘ ਧਾਲੀਵਾਲ ਨੇ ਫਗਵਾੜਾ ਵਾਸੀਆਂ ਨੂੰ ਕੀਤੀ ਆਪਣੀ ਅਪੀਲ ਵਿਚ ਕੀਤਾ ਹੈ। ਉਨਾਂ ਕਿਹਾ ਕਿ ਨੋਵਲ ਕੋਰੋਨਾ ਵਾਇਰਸ ਭਾਰਤ ਵਿਚ ਆਪਣਾ ਜਾਲ ਫੈਲਾਉਣ ਦੀ ਕੋਸ਼ਿਸ਼ ਕਰ ਰਿਹਾ ਹੈ, ਪਰੰਤੂ ਇਸ ਸਬੰਧੀ ਘਬਰਾਉਣ ਦੀ ਕੋਈ ਲੋੜ ਨਹੀਂ ਹੈ, ਕਿਉਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਇਸ ਨੂੰ ਫੈਲਣ ਤੋਂ ਰੋਕਣ ਲਈ ਸਾਰੇ ਲੋੜੀਂਦੇ ਕਦਮ ਉਠਾ ਰਹੀ ਹੈ। ਉਨਾਂ ਕਿਹਾ ਕਿ ਸਿਹਤ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਪਹਿਲਾਂ ਹੀ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਸ ਸਬੰਧੀ ਢੁਕਵੇਂ ਕਦਮ ਚੁੱਕਣ ਅਤੇ ਲੋੜੀਂਦੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ’ਚ ਮੋਹਰੀ ਭੂਮਿਕਾ ਨਿਭਾਉਣ ਦੇ ਨਿਰਦੇਸ਼ ਦੇ ਚੁੱਕੇ ਹਨ ਅਤੇ ਚੁੱਕੇ ਗਏ ਕਦਮਾਂ ਦੀ ਦਿਨ-ਰਾਤ ਨਿਗਰਾਨੀ ਕਰ ਰਹੇ ਹਨ।
ਸ. ਧਾਲੀਵਾਲ ਨੇ ਕਿਹਾ ਕਿ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਕੀਤੀਆਂ ਗਈਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਉਨਾਂ ਵੱਲੋਂ ਖ਼ੁਦ ਸਥਾਨਕ ਸਿਵਲ ਹਸਪਤਾਲ ਦਾ ਦੌਰਾ ਕੀਤਾ ਗਿਆ ਹੈ। ਉਨਾਂ ਫਗਵਾੜਾ ਵਾਸੀਆਂ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਕਿ ਉਹ ਕੋਰੋਨਾ ਵਾਇਰਸ ਵਰਗੇ ਲੱਛਣਾਂ, ਜਿਵੇਂ ਕਿ ਬੁਖਾਰ ਅਤੇ ਜੁਕਾਮ ਆਦਿ ਨੂੰ ਲੁਕਾਉਣ ਦੀ ਬਜਾਏ ਤੁਰੰਤ ਡਾਕਟਰ ਦੀ ਸਲਾਹ ਲੈਣ। ‘ਬੁਖਾਰ ਅਤੇ ਖਾਂਸੀ ਤੋਂ ਪੀੜਤ ਹੋਣ ਜਾਂ ਸਾਹ ਲੈਣ ਵਿਚ ਤਕਲੀਫ ਹੋਣ ’ਤੇ ਡਾਕਟਰ ਨਾਲ ਸੰਪਰਕ ਕੀਤਾ ਜਾਵੇ। ’ ਵਿਸ਼ੇਸ਼ ਤੌਰ ’ਤੇ ਜੇਕਰ ਕੋਈ ਵਿਦੇਸ਼ੀ ਯਾਤਰੀਆਂ ਦੇ ਸੰਪਰਕ ਵਿਚ ਰਿਹਾ ਹੈ ਤਾਂ ਇਸ ਨੂੰ ਲੁਕਾਉਣ ਦੀ ਥਾਂ ਡਾਕਟਰ ਦੀ ਸਲਾਹ ਲਈ ਜਾਵੇ।
ਉਨਾਂ ਫਗਵਾੜਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਬੰਧੀ ਘਬਰਾਉਣ ਦੀ ਥਾਂ ਜਾਗਰੂਕ ਹੋਣ ਅਤੇ ਹੋਰਨਾਂ ਨੂੰ ਵੀ ਜਾਗਰੂਕ ਕਰਨ। ਉਨਾਂ ਕਿਹਾ ਕਿ ਇਸ ਵੇਲੇ ਸੂਬੇ ਵਿਚ ਕਿਸੇ ਵੀ ਤਰਾਂ ਦੀ ਐਮਰਜੈਂਸੀ ਵਰਗੀ ਹਾਲਤ ਨਹੀਂ ਹੈ, ਪਰੰਤੂ ਸਾਰਿਆਂ ਨੂੰ ਸੁਚੇਤ ਰਹਿਣਾ ਚਾਹੀਦਾ ਹੈ। ਉਨਾਂ ਕਿਹਾ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਦਾ ਤਰੀਕਾ ਨਿੱਜੀ ਸਾਫ਼-ਸਫ਼ਾਈ ਅਤੇ ਭੀੜ ਵਾਲੀਆਂ ਥਾਵਾਂ ਤੋਂ ਦੂਰੀ ਬਣਾ ਕੇ ਰੱਖਣਾ ਹੈ ਅਤੇ ਸਾਨੂੰ ਤੁਰੰਤ ਇਸ ਦੀ ਸ਼ੁਰੂਆਤ ਕਰਨੀ ਚਾਹੀਦੀ ਹੈ।