ਕਾਂਗਰਸ ਪਾਰਟੀ ਵਲੋਂ ਅੱਜ ਲੁਧਿਆਣਾ ‘ਚ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਅਤੇ ਐੱਨ. ਆਰ. ਸੀ. ਖ਼ਿਲਾਫ਼ ਦਿੱਤਾ ਜਾ ਰਹੇ ‘ਸੰਵਿਧਾਨ ਬਚਾਅ, ਦੇਸ਼ ਬਚਾਅ’ ਰੋਸ ਮਾਰਚ ਦੀ ਸਮਾਪਤੀ ਉਪਰੰਤ ਮਾਤਾ ਰਾਣੀ ਚੌਕ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਆਸ਼ਾ ਕੁਮਾਰੀ ਦੀ ਹਾਜ਼ਰੀ ‘ਚ ਰੋਸ ਰੈਲੀ ਕੀਤੀ ਜਾ ਰਹੀ ਹੈ।

ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੰਵਿਧਾਨ ਨਾਲ ਛੇੜ-ਛਾੜ ਕਰਨ ਦਾ ਕਿਸੇ ਨੂੰ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ 105 ਸੋਧਾਂ ਹੋਈਆਂ ਹਨ ਪਰ ਭਾਜਪਾ ਸੰਵਿਧਾਨ ਦੀ ਬੁਨਿਆਦ ਨੂੰ ਹਿਲਾਉਣਾ ਚਾਹੁੰਦੀ ਹੈ, ਜੋ ਕਿ ਬਰਦਾਸ਼ਤ ਯੋਗ ਨਹੀਂ ਹੈ। ਉਨ੍ਹਾਂ ਕਿਹਾ ਕਿ ਯੂ. ਐੱਨ. ਓ. ਨੇ ਵੀ ਨਾਗਰਿਕਤਾ ਸੋਧ ਨੂੰ ਗ਼ਲਤ ਕਿਹਾ ਹੈ। ਕੈਪਟਨ ਨੇ ਕਿਹਾ ਕਿ ਨਾਗਰਿਕਤਾ ਸੋਧ ਕਾਨੂੰਨ ਪੰਜਾਬ ‘ਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ।