ਚੰਡੀਗੜ : ਸੀਨੀਅਰ ਕਾਂਗਰਸੀ ਆਗੂ ਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਚੁਣੌਤੀ ਦਿੱਤੀ ਕਿ ਉਹ ਅਕਾਲੀ ਦਲ ਦੇ 10 ਸਾਲਾਂ ਦੇ ਰਾਜ ਵਿੱਚ ਡੇਰਾ ਬਾਬਾ ਨਾਨਕ ਲਈ ਕੀਤਾ ਇਕ ਵੀ ਕੰਮ ਗਿਣਵਾ ਕੇ ਦਿਖਾਉਣ। ਸ. ਰੰਧਾਵਾ ਨੇ ਇਹ ਗੱਲ ਅਕਾਲੀ ਆਗੂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਡੇਰਾ ਬਾਬਾ ਨਾਨਕ ਫੇਰੀ ਬਾਰੇ ਕੀਤੀਆਂ ਟਿੱਪਣੀਆਂ ਦੇ ਜਵਾਬ ਵਿੱਚ ਕਹੀ
ਅੱਜ ਇਥੇ ਪਾਰਟੀ ਹੈਡਕੁਆਟਰ ਤੋਂ ਜਾਰੀ ਪ੍ਰੈਸ ਬਿਆਨ ਵਿੱਚ ਸ. ਰੰਧਾਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਅਤੇ ਗੁਰੂ ਸਾਹਿਬ ਨਾਲ ਸਬੰਧਤ ਇਤਿਹਾਸਕ ਥਾਂਵਾਂ ਦੇ ਸੁੰਦਰੀਕਰਨ ਅਤੇ ਵਿਕਾਸ ਕਾਰਜਾਂ ਦੇ ਕੰਮ ਦਾ ਜਾਇਜ਼ਾ ਲੈਣ ਦੇ ਸਿਲਸਿਲੇ ਵਜੋਂ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਇਤਿਹਾਸਕ ਕਸਬੇ ਡੇਰਾ ਬਾਬਾ ਨਾਨਕ ਵਿਖੇ ਪੰਜਾਬ ਕੈਬਨਿਟ ਦੀ ਮੀਟਿੰਗ ਰੱਖੀ ਸੀ ਜਿਸ ਨਾਲ ਪੂਰੇ ਹਲਕੇ ਵਿੱਚ ਖੁਸ਼ੀ ਤੇ ਉਤਸ਼ਾਹ ਦਾ ਮਾਹੌਲ ਹੈ।