*ਐਨ.ਐਸ.ਐਸ ਵਲੰਟੀਅਰਾਂ, ਯੁਵਕ ਸੇਵਾਵਾਂ ਕਲੱਬਾਂ ਅਤੇ ਰੈੱਡ ਰਿਬਨ ਕਲੱਬਾਂ ਦੇ ਮੈਂਬਰਾਂ ਨੇ ਸੰਭਾਲਿਆ ਮੋਰਚਾ
*ਨੌਜਵਾਨਾਂ ਨੇ ‘ਮਿਸ਼ਨ ਫਤਿਹ’ ਤਹਿਤ ਪੈਦਾ ਕੀਤੀ ਲੋਕ ਲਹਿਰ – ਡਿਪਟੀ ਕਮਿਸ਼ਨਰ
*ਕਿਹਾ, ਮਿਸ਼ਨ ਫਤਿਹ ਯੋਧਾ ਬਣਨ ਲਈ ਡਾਊਨਲੋਡ ਕੀਤੀ ਜਾਵੇ ਕੋਵਾ ਐਪ

ਫਗਵਾੜਾ (ਡਾ ਰਮਨ )
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰ-ਅੰਦੇਸ਼ੀ ਸੋਚ ਸਦਕਾ ਪੰਜਾਬ ਸਰਕਾਰ ਵਲੋਂ ਕੋਰੋਨਾ ਖਿਲਾਫ਼ ਜੰਗ ਜਿੱਤਣ ਲਈ ਸ਼ੁਰੂ ਕੀਤੇ ਗਏ ‘ਮਿਸ਼ਨ ਫਤਿਹ’ ਤਹਿਤ ਅੱਜ ਯੁਵਕ ਸੇਵਾਵਾਂ ਵਿਭਾਗ ਵੱਲੋਂ ਡੋਰ-ਟੂ-ਡੋਰ ਜਾਗਰੂਕਤਾ ਦੀ ਕਮਾਨ ਸੰਭਾਲਦੇ ਹੋਏ ਸਮਾਜਿਕ ਦੂਰੀ ਬਰਕਰਾਰ ਰੱਖਣ ਤੋਂ ਇਲਾਵਾ ਮਾਸਕ ਅਤੇ ਵਾਰ-ਵਾਰ ਹੱਥ ਧੋਣ ਵਰਗੀਆਂ ਸਾਵਧਾਨੀਆਂ ਅਪਣਾਉਣ ਲਈ ਜ਼ਿਲਾ ਵਾਸੀਆਂ ਨੂੰ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਲੋਕਾਂ ਨੂੰ ਜਾਗਰੂਕ ਕਰਨ ਲਈ ਪੈਂਫਲਿਟ ਵੀ ਵੰਡੇ ਗਏ।
ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਸ਼ਲਾਘਾ ਕਰਦਿਆਂ ਕਿਹਾ ਕਿ ਯੁਵਕ ਸੇਵਾਵਾਂ ਵਿਭਾਗ ਤੋਂ ਇਲਾਵਾ ਗੈਰ-ਸਰਕਾਰੀ ਸਮਾਜ ਸੇਵੀ ਸੰਸਥਾਵਾਂ, ਨਹਿਰੂ ਯੁਵਾ ਕੇਂਦਰ, ਆਂਗਣਵਾੜੀ ਤੇ ਆਸ਼ਾ ਵਰਕਰਾਂ, ਸਿਹਤ, ਪੁਲਿਸ ਤੇ ਵੱਖ-ਵੱਖ ਵਿਭਾਗਾਂ ਵੱਲੋਂ ਮਿਸ਼ਨ ਫਤਿਹ ਤਹਿਤ ਜਾਗਰੂਕਤਾ ਫੈਲਾਅ ਕੇ ਇਕ ਲੋਕ ਲਹਿਰ ਪੈਦਾ ਕਰ ਦਿੱਤੀ ਗਈ ਹੈ। ਉਨਾਂ ਕਿਹਾ ਕਿ ਕੋਰੋਨਾ ’ਤੇ ਜਿੱਤ ਸਾਵਧਾਨੀਆਂ ਨਾਲ ਹੀ ਪਾਈ ਜਾ ਸਕਦੀ ਹੈ, ਇਸ ਲਈ ਮਿਸ਼ਨ ਫਤਿਹ ਤਹਿਤ ਸਮਾਜਿਕ ਦੂਰੀ, ਮਾਸਕ, ਹੱਥ ਧੋਣ ਵਰਗੀਆਂ ਸਾਵਧਾਨੀਆਂ ਨੂੰ ਆਪਣੀ ਰੋਜ਼ਾਨਾ ਦੀ ਜ਼ਿੰਦਗੀ ਦਾ ਹਿੱਸਾ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਕੋਵਿਡ-19 ਤੋਂ ਮੁਕਤ ਕਰਨ ਲਈ ਚਲਾਈ ਗਈ ਜਾਗਰੂਕਤਾ ਮੁਹਿੰਮ ‘ਮਿਸ਼ਨ ਫਤਿਹ’ ਤਹਿਤ ਜ਼ਿਲੇ ਵਿੱਚ ਜ਼ਮੀਨੀ ਪੱਧਰ ’ਤੇ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ, ਜਿਸ ਤਹਿਤ ਅੱਜ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ੍ਰੀ ਪ੍ਰੀਤ ਕੋਹਲੀ ਵਲੋਂ ਯੂਥ ਕਲੱਬਾਂ, ਐਨ.ਐਸ.ਐਸ. ਯੂਨਿਟਾਂ, ਰੈੱਡ ਰਿਬਨ ਕਲੱਬਾਂ ਦੇ ਮੈਂਬਰਾਂ ਨੂੰ ਬੈਜ ਲਗਾ ਕੇ ਰਵਾਨਾ ਕੀਤਾ ਗਿਆ ਅਤੇ ਇਨਾਂ ਵਲੰਟੀਅਰਾਂ ਨੇ ਕੋਰੋਨਾ ਯੋਧਿਆਂ ਦੀ ਭੂਮਿਕਾ ਨਿਭਾਉਂਦਿਆਂ ਘਰ-ਘਰ ਜਾਗਰੂਕਤਾ ਫੈਲਾਈ।
ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਬੀਤੇ ਦਿਨ ਜਿਥੇ ਜ਼ਿਲਾ ਪੁਲਿਸ, ਸ਼ਹਿਰੀ ਸੰਸਥਾਵਾਂ ਅਤੇ ਵੱਖ-ਵੱਖ ਗੈਰ-ਸਰਕਾਰੀ ਸੰਸਥਾਵਾਂ ਵਲੋਂ ਸ਼ਲਾਘਾਯੋਗ ਕੰਮ ਕਰਦੇ ਹੋਏ ਵੱਡੇ ਪੱਧਰ ’ਤੇ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਸੀ, ਉਥੇ ਪ੍ਰਚਾਰ ਵਾਹਨਾਂ, ਪਿੰਡਾਂ ਦੇ ਸਰਪੰਚਾਂ ਅਤੇ ਆਂਗਣਵਾੜੀ ਵਰਕਰਾਂ ਵਲੋਂ ਵੀ ਕੋਰੋਨਾ ਯੋਧਿਆਂ ਦੀ ਭੂਮਿਕਾ ਨਿਭਾਉਂਦੇ ਹੋਏ ਮਿਸ਼ਨ ਫਤਿਹ ਦਾ ਸੁਨੇਹਾ ਘਰ-ਘਰ ਪਹੁੰਚਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੋਵਾ ਐਪ ’ਤੇ ਮਿਸ਼ਨ ਫਤਿਹ ਯੋਧਾ ਦੀ ਅੰਕਾਂ ਦੇ ਆਧਾਰ ’ਤੇ ਚੋਣ ਕੀਤੀ ਜਾਣੀ ਹੈ, ਇਸ ਲਈ ਮੁਕਾਬਲੇ ਵਿਚ ਹਿੱਸਾ ਲੈਣ ਲਈ ਕੋਵਾ ਐਪ ਡਾਊਨਲੋਡ ਕੀਤੀ ਜਾਵੇ। ਉਨਾਂ ਕਿਹਾ ਕਿ ਚੁਣੇ ਗਏ ਮਿਸ਼ਨ ਫਤਿਹ ਯੋਧਿਆਂ ਨੂੰ ਸਪੈਸ਼ਲ ਟੀ-ਸ਼ਰਟ ਸਮੇਤ ਮੁੱਖ ਮੰਤਰੀ ਪੰਜਾਬ ਜੀ ਦੇ ਦਸਤਖਤਾਂ ਵਾਲੇ ਸਰਟੀਫਿਕੇਟ ਵੀ ਸੌਂਪੇ ਜਾਣਗੇ।
ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਪ੍ਰੀਤ ਕੋਹਲੀ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਦੀ ਅਗਵਾਈ ਵਿਚ ਯੁਵਕ ਸੇਵਾਵਾਂ ਵਿਭਾਗ ਵਲੋਂ ਜ਼ਿਲੇ ਵਿਚ ਲੌਕਡਾਊਨ ਤੋਂ ਲੈ ਕੇ ਹੁਣ ਤੱਕ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਜਾਗਰੂਕਤਾ ਮੁਹਿੰਮ ਵਿੱਢੀ ਗਈ ਹੈ। ਉਨਾਂ ਦੱਸਿਆ ਕਿ ਲੌਕਡਾਊਨ ਦੌਰਾਨ ਯੁਵਕ ਸੇਵਾਵਾਂ ਵਿਭਾਗ ਦੀ ਅਗਵਾਈ ਵਿਚ ਜਿਥੇ ਯੂਥ ਕਲੱਬਾਂ ਵਲੋਂ ਜ਼ਿਲੇ ਵਿਚ 32 ਹਜ਼ਾਰ ਤੋਂ ਵੱਧ ਮਾਸਕ ਅਤੇ ਕਰੀਬ 800 ਰਾਸ਼ਨ ਕਿੱਟਾਂ ਦੀ ਵੰਡ ਕੀਤੀ ਗਈ, ਉਥੇ ਵਿਸ਼ਵ ਯੋਗ ਦਿਵਸ ’ਤੇ ਜ਼ਿਲੇ ਭਰ ਦੀਆਂ 22 ਸੰਸਥਾਵਾਂ ਦੇ 1100 ਤੋਂ ਵੱਧ ਵਲੰਟੀਅਰਾਂ ਨੇ ਯੋਗ ਆਸਣ ਦੇ ਨਾਲ-ਨਾਲ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਵੀ ਜਾਗਰੂਕ ਕੀਤਾ। ਉਨਾਂ ਕਿਹਾ ਕਿ ਵਿਭਾਗ ਰਾਹੀਂ ਜ਼ਿਲੇ ਦੇ ਐਨ.ਐਸ.ਐਸ ਵਲੰਟੀਅਰ, ਯੁਵਕ ਸੇਵਾਵਾਂ ਕਲੱਬਾਂ ਅਤੇ ਰੈੱਡ ਰਿਬਨ ਕਲੱਬਾਂ ਦੇ ਮੈਂਬਰ ਮਿਸ਼ਨ ਫਤਿਹ ਵਿਚ ਆਪਣਾ ਵਡਮੁੱਲਾ ਯੋਗਦਾਨ ਪਾ ਰਹੇ ਹਨ। ਉਨਾਂ ਕਿਹਾ ਕਿ ਮਿਸ਼ਨ ਫਤਿਹ ਤਹਿਤ ਜ਼ਿਲਾ ਵਾਸੀਆਂ ਦੀ ਇਕਜੁੱਟਤਾ ਕਾਰਨ ਪੈਦਾ ਹੋਈ ਲੋਕ ਲਹਿਰ ਦੇ ਚੱਲਦਿਆਂ ਜਲਦ ਹੀ ਕੋਰੋਨਾ ਖਿਲਾਫ ਜੰਗ ਵਿਚ ਫਤਿਹ ਹਾਸਲ ਕੀਤੀ ਜਾਵੇਗੀ।