*ਕਪੂਰਥਲਾ ਸਾਈਕਲਿੰਗ ਕਲੱਬ ਦੇ ਮੈਂਬਰਾਂ ਨੇ ‘ਸਾਈਕਲ ਚਲਾਓ, ਕੋਰੋਨਾ ਭਜਾਓ’ ਦਾ ਦਿੱਤਾ ਸੱਦਾ
ਫਗਵਾੜਾ (ਡਾ ਰਮਨ )
ਅੱਜ ਪੂਰੇ ਵਿਸ਼ਵ ਵਿਚ ਸਾਈਕਲ ਦਿਵਸ ਮਨਾਇਆ ਗਿਆ, ਜਿਸ ਤਹਿਤ ਜ਼ਿਲਾ ਪ੍ਰਸ਼ਾਸਨ ਵੱਲੋਂ ਸਮਾਜਿਕ ਬੁਰਾਈਆਂ ਅਤੇ ਪ੍ਰਦੂਸ਼ਣ ਆਦਿ ਖਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਗਠਿਤ ਕੀਤੇ ਗਏ ਕਪੂਰਥਲਾ ਸਾਈਕਲਿੰਗ ਕਲੱਬ ਵੱਲੋਂ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਜਾਗਰੂਕਤਾ ਮੁਹਿੰਮ ਚਲਾਈ ਗਈ, ਜਿਸ ਦੌਰਾਨ ਕਲੱਬ ਦੇ ਮੈਂਬਰਾਂ ਵੱਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਲਈ ਅਪੀਲ ਕੀਤੀ ਗਈ। ਇਸ ਦੌਰਾਨ ਉਨਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਜ਼ਰੂਰਤ ਤੋਂ ਘਰਾਂ ਤੋਂ ਬਾਹਰ ਨਾ ਨਿਕਲਣ ਅਤੇ ਕੋਰੋਨਾ ਤੋਂ ਬਚਾਅ ਲਈ ਸਕਰਾਰ, ਜ਼ਿਲਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ। ਉਨਾਂ ਕਿਹਾ ਕਿ ਖਾਸ ਤੌਰ ’ਤੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਘਰਾਂ ਤੋਂ ਬਾਹਰ ਨਾ ਜਾਣ ਦਿੱਤਾ ਜਾਵੇ। ਉਨਾਂ ਕਿਹਾ ਕਿ ਸਾਈਕਲ ਸਰੀਰਕ ਤੰਦਰੁਸਤੀ ਨੂੰ ਬਰਕਰਾਰ ਰੱਖਣ ਦਾ ਸਭ ਤੋਂ ਵਧੀਆ ਸਾਧਨ ਹੈ। ਉਨਾਂ ਦੱਸਿਆ ਗਿਆ ਕਿ ਸਾਈਕਲ ਨੂੰ ਚਲਾਉਣ ਤੋਂ ਬਾਅਦ ਸਰੀਰ ਨੂੰ ਹਲਕਾ-ਫੁਲਕਾ ਮਹਿਸੂਸ ਹੁੰਦਾ ਹੈ ਅਤੇ ਮਨੁੱਖ ਹਮੇਸ਼ਾ ਤੰਦਰੁਸਤ ਰਹਿੰਦਾ ਹੈ। ਇਸ ਦੇ ਨਾਲ ਹੀ ਇਮਿੳੂਨਿਟੀ ਸਿਸਟਮ ਮਜ਼ਬੂਤ ਹੁੰਦਾ ਹੈ, ਜਿਸ ਨਾਲ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਸਰੀਰ ਅੰਦਰ ਵੱਧ ਜਾਂਦੀ ਹੈ, ਜੋ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਬੇਹੱਦ ਜ਼ਰੂਰੀ ਹੈ। ਇਸ ਤੋਂ ਇਲਾਵਾ ਸਾਈਕਲ ਸੜਕੀ ਆਵਾਜਾਈ ਲਈ ਇਕ ਸੁਰੱਖਿਅਤ ਸਾਧਨ ਹੈ। ਉਨਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਬਹੁਤੇ ਵਿਚ ਲੋਕ ਇਸ ਨੂੰ ਚਲਾਉਣ ਤੋਂ ਕੰਨੀ ਕਤਰਾਉਂਦੇ ਹਨ, ਪਰੰਤੂ ਇਸ ਨੂੰ ਚਲਾਉਣਾ ਬੇਹੱਦ ਆਸਾਨ ਹੈ। ਉਨਾਂ ਕਿਹਾ ਕਿ ਸਾਈਕਲ ਆਵਾਜਾਈ ਦਾ ਇਕ ਅਜਿਹਾ ਸਾਧਨ ਹੈ, ਜਿਸ ਨੂੰ ਚਲਾਉਣ ਲਈ ਪੈਟਰੋਲ ਜਾਂ ਕਿਸੇ ਹੋਰ ਪ੍ਰਕਾਰ ਦੇ ਈਂਧਣ ਦੀ ਜ਼ਰੂਰਤ ਨਹੀਂ ਪੈਂਦੀ, ਨਾ ਹੀ ਇਸ ਨਾਲ ਕੋਈ ਪ੍ਰਦੂਸ਼ਣ ਫ਼ੈਲਦਾ ਹੈ ਅਤੇ ਟ੍ਰੈਫਿਕ ਸਮੱਸਿਆ ਵੀ ਪੈਦਾ ਨਹੀਂ ਹੁੰਦੀ। ਇਸ ਦੌਰਾਨ ਉਨਾਂ ਵੱਲੋਂ ਸ਼ਹਿਰ ਵਾਸੀਆਂ ਨੂੰ ‘ਸਾਈਕਲ ਚਲਾਓ, ਕੋਰੋਨਾ ਭਜਾਓ’ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਸ੍ਰੀ ਗੁਰਮੁਖ ਸਿੰਘ ਢੋਡ, ਸ੍ਰੀ ਗੁਰਬਚਨ ਸਿੰਘ ਬੰਗੜ, ਸ. ਬਿਕਰਮਜੀਤ ਸਿੰਘ ਤੇ ਹੋਰ ਹਾਜ਼ਰ ਸਨ।