ਲੁਧਿਆਣਾ ਦੇ ਵਿੱਚ ਅੱਜ ਸੈਂਕੜਿਆਂ ਦੀ ਤਦਾਦ ‘ਚ ਰੇਹੜੀਆਂ-ਫੜ੍ਹੀਆਂ ਵਾਲਿਆਂ ਨੇ ਜਗਰਾਉਂ ਪੁਲ ਤੇ ਇਕੱਤਰ ਹੋ ਕੇ ਲੁਧਿਆਣਾ ਕਾਰਪੋਰੇਸ਼ਨ ਅਤੇ ਮੌਜੂਦਾ ਕਾਂਗਰਸ ਸਰਕਾਰ ਦੇ ਖਿਲਾਫ ਜੰਮ ਕੇ ਆਪਣੀ ਭੜਾਸ ਕੱਢੀ। ਉਨ੍ਹਾਂ ਨੇ ਕਿਹਾ ਕਿ ਰੇਹੜੀਆਂ-ਫੜ੍ਹੀਆਂ ਵਾਲਿਆਂ ਦੀ ਸਾਰ ਕੋਈ ਵੀ ਮੰਤਰੀ ਨਹੀਂ ਲੈ ਰਿਹਾ। ਜਿਸ ਕਰਕੇ ਉਨ੍ਹਾਂ ਨੂੰ ਧਰਨੇ ਲਾਉਣ ਲਈ ਮਜਬੂਰ ਹੋਣਾ ਪੈ ਰਿਹਾ। ਉਨ੍ਹਾਂ ਨੇ ਕਿਹਾ ਕਿ 31 ਜਨਵਰੀ ਨੂੰ ਰੇਹੜੀਆਂ-ਫੜ੍ਹੀਆਂ ਮੁਕੰਮਲ ਤੌਰ ‘ਤੇ ਬੰਦ ਕਰਕੇ ਸਪਲਾਈ ਠੱਪ ਕਰ ਦਿੱਤੀ ਜਾਵੇਗੀ। ਉਨ੍ਹਾਂ ਸਾਰੇ ਰੇਹੜੀ-ਫੜ੍ਹੀਆਂ ਵਾਲੇ ਨੂੰ ਇਕਜੁੱਟ ਹੋ ਕੇ ਸਰਕਾਰ ਅਤੇ ਨਗਰ ਨਿਗਮ ਦੇ ਖ਼ਿਲਾਫ਼ ਸੰਘਰਸ਼ ਵਿੱਢਣ ਲਈ ਅਪੀਲ ਕੀਤੀ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰੇਹੜੀ ਫੜੀ ਐਸੋਸੀਏਸ਼ਨ ਦੇ ਮੈਂਬਰਾਂ ਨੇ ਕਿਹਾ ਹੈ ਕਿ ਜਦੋਂ ਤੋਂ ਲੁਧਿਆਣਾ ‘ਚ ਵੱਖ-ਵੱਖ ਸੋਧਾਂ ਦੀ ਹੱਦਬੰਦੀ ਕੀਤੀ ਗਈ ਹੈ ਉਦੋਂ ਤੋਂ ਰੇਹੜੀ ਫੜ੍ਹੀਆਂ ਵਾਲਿਆਂ ਨੂੰ ਲਗਾਤਾਰ ਨਗਰ ਨਿਗਮ ਵੱਲੋਂ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਸ ਸਬੰਧੀ ਉਹ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਵੀ ਮੁਲਾਕਾਤ ਕਰਨ ਲਈ ਗਏ ਸਨ। ਪਰ ਉਨ੍ਹਾਂ ਨੇ ਉਨ੍ਹਾਂ ਨੂੰ ਸਾਫ ਜਵਾਬ ਦਿੱਤਾ ਕਿ ਉਹ ਇੱਕ ਫੁੱਟ ਥਾਂ ਉਨ੍ਹਾਂ ਨੂੰ ਨਹੀਂ ਦੇਣਗੇ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਰੇਹੜੀਆਂ-ਫੜ੍ਹੀਆਂ ਚਲਾ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦੇ ਨੇ ਪਰ ਨਗਰ ਨਿਗਮ ਲਗਾਤਾਰ ਉਨ੍ਹਾਂ ਨੂੰ ਥਾਂ ਅਲਾਟ ਕਰਨ ਨੂੰ ਲੈ ਕੇ ਤੰਗ ਪ੍ਰੇਸ਼ਾਨ ਕਰ ਰਹੀ ਹੈ।