ਫਗਵਾੜਾ (ਡਾ ਰਮਨ)
ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਕਿਹਾ ਹੈ ਕਿ ਜ਼ਿਲੇ ਵਿਚ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਤੋਂ ਬਚਾਅ ਲਈ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਵੱਡੀ ਜੰਗ ਵਿੱਢੀ ਗਈ ਹੈ। ਉਨਾਂ ਕਿਹਾ ਕਿ ਇਹ ਜੰਗ ਲੋਕਾਂ ਦੇ ਸਾਥ ਦੇਣ ਨਾਲ ਹੀ ਜਿੱਤੀ ਜਾ ਸਕਦੀ ਹੈ। ਉਨਾਂ ਕਿਹਾ ਕਿ ਮੁਸ਼ਕਲ ਦੀ ਇਸ ਘੜੀ ਵਿਚ ਜ਼ਿਲੇ ਦੇ ਬਹੁਤ ਸਾਰੇ ਬੇਘਰੇ, ਬੇਸਹਾਰਾ ਅਤੇ ਹੋਰ ਲੋੜਵੰਦ ਲੋਕਾਂ ਨੂੰ ਜੀਵਨ ਨਿਰਬਾਹ ਲਈ ਖਾਣ-ਪੀਣ ਅਤੇ ਹੋਰ ਜ਼ਰੂਰੀ ਵਸਤਾਂ ਦੀ ਸਖ਼ਤ ਜ਼ਰੂਰਤ ਹੈ। ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਹਰੇਕ ਲੋੜਵੰਦ ਤੱਕ ਪਹੁੰਚਣ ਦੀ ਪੂਰੀ ਕੋਸ਼ਿਸ਼ ਕਰ ਰਿਹਾ ਹੈ। ਉਨਾਂ ਜ਼ਿਲਾ ਵਾਸੀਆਂ ਨੂੰ ਵੀ ਲੋੜਵੰਦਾਂ ਦੀ ਮਦਦ ਲਈ ਵੱਧ-ਚੜ ਕੇ ਅੱਗੇ ਆਉਣ ਦੀ ਅਪੀਲ ਕੀਤੀ ਹੈ। ਉਨਾਂ ਕਿਹਾ ਕਿ ਜਿਹੜੇ ਦਾਨੀ ਲੋਕ ਇਸ ਨੇਕ ਕੰਮ ਵਿਚ ਆਪਣਾ ਯੋਗਦਾਨ ਪਾਉਣਾ ਚਾਹੁੰਦੇ ਹਨ, ਉਹ ਜ਼ਿਲਾ ਰੈੱਡ ਕਰਾਸ ਸੁਸਾਇਟੀ ਰਾਹੀਂ ਇਸ ਕੰਮ ਵਿਚ ਆਪਣਾ ਹਿੱਸਾ ਪਾ ਸਕਦੇ ਹਨ। ਉਨਾਂ ਕਿਹਾ ਕਿ ਇਸ ਸਬੰਧੀ ਜ਼ਿਲਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਸ੍ਰੀ ਆਰ. ਸੀ. ਬਿਰਹਾ ਨਾਲ ਮੋਬਾਈਲ ਨੰਬਰ 98146-78434 ਉੱਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨਾਂ ਕਿਹਾ ਕਿ ਦਾਨੀ ਲੋਕਾਂ ਵੱਲੋਂ ਦਿੱਤੀ ਰਾਸ਼ੀ ਦੀ ਉਨਾਂ ਨੂੰ ਰਸੀਦ ਦਿੱਤੀ ਜਾਵੇਗੀ ਅਤੇ ਲੋੜਵੰਦਾਂ ਤੱਕ ਪਹੁੰਚਾਏ ਸਾਮਾਨ ਦਾ ਪਾਰਦਰਸ਼ੀ ਢੰਗ ਨਾਲ ਪੂਰਾ ਰਿਕਾਰਡ ਰੱਖਿਆ ਜਾਵੇਗਾ।