ਫਗਵਾੜਾ(ਡਾ ਰਮਨ/ਅਜੇ ਕੋਛੜ)

ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਅੱਜ ਸਥਾਨਕ ਦਾਣਾ ਮੰਡੀ ਦਾ ਦੌਰਾ ਕਰਕੇ ਸੀਵਰੇਜ ਦੇ ਚੱਲ ਰਹੇ ਕੰਮ ਦਾ ਮੁਆਇਨਾ ਕੀਤਾ। ਇਸ ਦੌਰਾਨ ਉਨ੍ਹਾਂ ਮਾਰਕਿਟ ਕਮੇਟੀ ਫਗਵਾੜਾ ਦਫਤਰ ‘ਚ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ। ਮੀਟਿੰਗ ਉਪਰੰਤ ਗੱਲਬਾਤ ਕਰਦਿਆਂ ਦੱਸਿਆ ਕਿ ਕਣਕ ਦਾ ਸੀਜਨ ਸ਼ੁਰੂ ਹੋਣ ਵਾਲਾ ਹੈ ਇਸ ਲਈ ਮੰਡੀ ਪ੍ਰਸ਼ਾਸਨ ਨੂੰ ਜਰੂਰੀ ਹਦਾਇਤਾਂ ਕੀਤੀਆਂ ਗਈਆਂ ਹਨ ਤਾਂ ਕਿ ਕਿਸਾਨਾ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ। ਉਨ੍ਹਾਂ ਦੱਸਿਆ ਕਿ ਮੰਡੀ ਦੀ ਦਸ਼ਾ ਸੁਧਾਰਣ ਲਈ ਸਵਾ ਤਿੰਨ ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਅਧਿਕਾਰੀਆਂ ਨੂੰ ਇਹ ਹਦਾਇਤ ਵੀ ਕੀਤੀ ਗਈ ਹੈ ਕਿ ਸੜਕਾਂ ਦੀ ਉਸਾਰੀ ਦਾ ਕੰਮ ਕਣਕ ਦੇ ਸੀਜਨ ਤੋਂ ਪਹਿਲਾਂ ਪੂਰਾ ਕੀਤਾ ਜਾਵੇ। ਉਨ੍ਹਾਂ ਦਾਣਾ ਮੰਡੀ ਤੋਂ ਇਲਾਵਾ ਸਬਜੀ ਮੰਡੀ ਵਿਖੇ ਸਾਫ ਸਫਾਈ ਦੇ ਉੱਚ ਪੱਧਰੇ ਪ੍ਰਬੰਧ ਕਰਨ ਦੀ ਹਦਾਇਤ ਵੀ ਕੀਤੀ। ਇਸ ਸਬੰਧੀ ਧਾਲੀਵਾਲ ਨੇ ਕਿਹਾ ਕਿ ਉਹ ਇਕ ਹਫਤੇ ਬਾਅਦ ਅਚਨਚੇਤ ਦੌਰਾ ਕਰਕੇ ਸਫਾਈ ਪ੍ਰਬੰਧਾਂ ਦਾ ਜਾਇਜਾ ਲੈਣਗੇ ਅਤੇ ਜੇਕਰ ਕਿਸੇ ਤਰ੍ਹਾਂ ਦੀ ਕੋਤਾਹੀ ਨਜ਼ਰ ਆਈ ਤਾਂ ਐਕਸ਼ਨ ਲਿਆ ਜਾਵੇਗਾ। ਇਸ ਮੌਕੇ ਮਾਰਕਿਟ ਕਮੇਟੀ ਫਗਵਾੜਾ ਦੇ ਚੇਅਰਮੈਨ ਨਰੇਸ਼ ਭਾਰਦਵਾਜ, ਉਪ ਚੇਅਰਮੈਨ ਜਗਜੀਵਨ ਖਲਵਾੜਾ, ਬਲਾਕ ਫਗਵਾੜਾ ਸ਼ਹਿਰੀ ਕਾਂਗਰਸ ਦੇ ਸਾਬਕਾ ਪ੍ਰਧਾਨ ਗੁਰਜੀਤ ਪਾਲ ਵਾਲੀਆ, ਜਗਜੀਤ ਬਿੱਟੂ, ਅਸ਼ਵਨੀ ਸ਼ਰਮਾ, ਹਰਜੀਤ ਸਿੰਘ ਕਿੰਨੜਾ, ਸ਼ਾਮ ਸੁੰਦਰ ਖੰਡੂਜਾ, ਗੁਰਦੀਪ ਡਾਬਰ ਆਦਿ ਹਾਜਰ ਸਨ।