ਫਗਵਾੜਾ (ਡਾ ਰਮਨ )
ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ’ਤੇ ਜਿੱਤ ਹਾਸਲ ਕਰਨ ਲਈ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਦੇ ਸੰਦੇਸ਼ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੇ ਮਕਸਦ ਨਾਲ ਸ਼ਹੀਦ-ਏ-ਆਜ਼ਮ ਭਗਤ ਸਿੰਘ ਯੂਥ ਕਲੱਬ ਦੇ ਮੈਂਬਰਾਂ ਵੱਲੋਂ ਪ੍ਰਧਾਨ ਰਿੰਕੂ ਕਾਲੀਆ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਘਰ-ਘਰ ਜਾ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਖਿਲਾਫ਼ ਸਾਵਧਾਨੀ ਵਰਤਣ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ। ਇਸ ਦੌਰਾਨ ਉਨਾਂ ਲੋਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਇਸ ਮਹਾਂਮਾਰੀ ਖਿਲਾਫ਼ ਅਸੀਂ ਮਿਲ ਕੇ ਹੀ ਫ਼ਤਿਹ ਹਾਸਲ ਕਰ ਸਕਦੇ ਹਾਂ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਬਿਮਾਰੀ ਤੋਂ ਬਚਾਅ ਲਈ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਤਰਾਂ ਪਾਲਣਾ ਕਰਦੇ ਹੋਏ ਬਿਨਾਂ ਵਜਾ ਘਰੋਂ ਬਾਹਰ ਨਾ ਨਿਕਲਣ, ਆਪਸੀ ਦੂਰੀ ਬਣਾ ਕੇ ਰੱਖਣ, ਭੀੜ ਵਾਲੀਆਂ ਥਾਵਾਂ ’ਤੇ ਜਾਣ ਤੋਂ ਗੁਰੇਜ਼ ਕਰਨ, ਮਾਸਕ ਦੀ ਵਰਤੋਂ ਕਰਨ ਅਤੇ ਵਾਰ-ਵਾਰ ਹੱਥ ਧੋਣ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਇਸ ਮਹਾਂਮਾਰੀ ਤੋਂ ਸੁਰੱਖਿਅਤ ਰੱਖਣ ਲਈ ਹੀ ‘ਮਿਸ਼ਨ ਫ਼ਤਿਹ’ ਦੀ ਸ਼ੁਰੂਆਤ ਕੀਤੀ ਗਈ ਹੈ, ਇਸ ਲਈ ਸਾਨੂੰ ਆਪਣੇ, ਆਪਣੇ ਪਰਿਵਾਰ ਅਤੇ ਸਮਾਜ ਦੀ ਸੁਰੱਖਿਆ ਲਈ ਮਿਲ ਕੇ ਹੰਭਲਾ ਮਾਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਸਭਨਾਂ ਦੇ ਸਹਿਯੋਗ ਨਾਲ ਹੀ ਇਸ ਮਹਾਂਮਾਰੀ ਤੋਂ ਨਿਜ਼ਾਤ ਪਾਈ ਜਾ ਸਕਦੀ ਹੈ। ਇਸ ਦੌਰਾਨ ਪੰਚ ਮੰਦਿਰ, ਰਣਦੇਵ ਸਟਰੀਟ, ਸੁਭਾਸ਼ ਚੌਕ, ਜੱਟਪੁਰਾ ਮੁਹੱਲਾ ਅਤੇ ਥਾਣਾ ਕੋਤਵਾਲੀ ਵਿਖੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਪੈਂਫਲਿਟ ਵੰਡੇ ਗਏ। ਇਸ ਜਾਗਰੂਕਤਾ ਮੁਹਿੰਮ ਵਿਚ ਪੰਡਿਤ ਸੋਮਨਾਥ, ਗੁਰਮੁਖ ਸਿੰਘ ਢੋਡ ਅਤੇ ਗਿਆਨ ਚੰਦ ਤੋਂ ਇਲਾਵਾ ਕਲੱਬ ਦੇ ਹੋਰਨਾਂ ਮੈਂਬਰਾਂ ਵੱਲੋਂ ਯੋਗਦਾਨ ਦਿੱਤਾ ਗਿਆ।