ਕਾਂਗਰਸ ਦੇ ਕੌਮੀ ਬੁਲਾਰੇ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਮਨੀਸ਼ ਤਿਵਾੜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦੇਣ ਦੀ ਅਪੀਲ ਕਰਦਿਆਂ ਚਿੱਠੀ ਲਿਖੀ ਹੈ।

ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ ਚ ਤਿਵਾੜੀ ਨੇ ਕਿਹਾ ਹੈ ਕਿ ਇਨ੍ਹਾਂ ਸ਼ਹੀਦਾਂ ਨੇ ਮਹਾਨ ਬਲਿਦਾਨ ਰਾਹੀਂ ਇੱਕ ਪੂਰੀ ਪੀੜ੍ਹੀ ਨੂੰ ਜਾਗਰੂਕ ਕੀਤਾ ਹੈ ਅਤੇ ਉਹ ਹੋਰ ਕਿਸੇ ਤੋਂ ਵੱਧ ਸਨਮਾਨ ਮਿਲਣ ਦੇ ਹੱਕਦਾਰ ਹਨ। ਉਨ੍ਹਾਂ ਇਹ ਵੀ ਮੰਗ ਕੀਤੀ ਹੈ ਕਿ ਸਰਕਾਰ ਨੂੰ ਅਧਿਕਾਰਿਕ ਤੌਰ ਤੇ ਇਨ੍ਹਾਂ ਤਿੰਨਾਂ ਸ਼ਹੀਦਾਂ ਨੂੰ ਸ਼ਹੀਦ-ਏ-ਆਜ਼ਮ ਦਾ ਸਨਮਾਨ ਦੇਣਾ ਚਾਹੀਦਾ ਹੈ, ਜਿਨ੍ਹਾਂ ਦੇ ਬਲਿਦਾਨ ਦਾ ਇਤਿਹਾਸ ਚ ਕੋਈ ਮੁਕਾਬਲਾ ਨਹੀਂ ਹੈ। ਤਿਵਾੜੀ ਨੇ ਇਹ ਵੀ ਮੰਗ ਕੀਤੀ ਹੈ ਕਿ ਮੁਹਾਲੀ ਸਥਿਤ ਚੰਡੀਗੜ੍ਹ ਅੰਤਰਰਾਸ਼ਟਰੀ ਏਅਰਪੋਰਟ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਅੰਤਰਰਾਸ਼ਟਰੀ ਏਅਰਪੋਰਟ ਦਾ ਨਾਮ ਦਿੱਤਾ ਜਾਣਾ ਚਾਹੀਦਾ ਹੈ।