ਫਗਵਾੜਾ (ਡਾ ਰਮਨ )ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ’ਤੇ ਜਿੱਤ ਹਾਸਲ ਕਰਨ ਲਈ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਦੇ ਸੰਦੇਸ਼ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਅੱਜ ਜ਼ਿਲੇ ਭਰ ਵਿਚ ਸਵੈ ਸੇਵੀ ਸੰਸਥਾਵਾਂ ਅਤੇ ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਖਿਲਾਫ਼ ਸਾਵਧਾਨੀ ਵਰਤਣ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ। ਇਸ ਦੌਰਾਨ ਲੋਕਾ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਇਸ ਮਹਾਂਮਾਰੀ ਖਿਲਾਫ਼ ਅਸੀਂ ਮਿਲ ਕੇ ਹੀ ਫ਼ਤਿਹ ਹਾਸਲ ਕਰ ਸਕਦੇ ਹਾਂ। ਇਸ ਦੌਰਾਨ ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਬਿਮਾਰੀ ਤੋਂ ਬਚਾਅ ਲਈ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਤਰਾਂ ਪਾਲਣਾ ਕਰਦੇ ਹੋਏ ਬਿਨਾਂ ਵਜਾ ਘਰੋਂ ਬਾਹਰ ਨਾ ਨਿਕਲਣ, ਆਪਸੀ ਦੂਰੀ ਬਣਾ ਕੇ ਰੱਖਣ, ਭੀੜ ਵਾਲੀਆਂ ਥਾਵਾਂ ’ਤੇ ਜਾਣ ਤੋਂ ਗੁਰੇਜ਼ ਕਰਨ, ਮਾਸਕ ਦੀ ਵਰਤੋਂ ਕਰਨ ਅਤੇ ਵਾਰ-ਵਾਰ ਹੱਥ ਧੋਣ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਇਸ ਮਹਾਂਮਾਰੀ ਤੋਂ ਸੁਰੱਖਿਅਤ ਰੱਖਣ ਲਈ ਹੀ ‘ਮਿਸ਼ਨ ਫ਼ਤਿਹ’ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਜ਼ਮੀਨੀ ਪੱਧਰ ’ਤੇ ਸਾਵਧਾਨੀਆਂ ਵਰਤਣ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਲੋਕਾਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਆਪਣੇ, ਆਪਣੇ ਪਰਿਵਾਰ ਅਤੇ ਸਮਾਜ ਦੀ ਸੁਰੱਖਿਆ ਲਈ ਜਾਰੀ ਹਦਾਇਤਾਂ ਅਤੇ ਸਾਵਧਾਨੀਆਂ ਦਾ ਪੂਰੀ ਤਰਾਂ ਪਾਲਣ ਕਰਨਗੇ। ਇਸ ਸਬੰਧੀ ਕਪੂਰਥਲਾ ਵਿਖੇ ਲੋਕਾਂ ਨੂੰ ਜਾਗਰੂਕ ਕਰਨ ਮੌਕੇ ਨਹਿਰੂ ਯੁਵਾ ਕੇਂਦਰ ਦੇ ਜ਼ਿਲਾ ਯੂਥ ਕੋਆਰਡੀਨੇਟਰ ਮੈਡਮ ਸਵਾਤੀ ਕੁਮਾਰ, ਅੰਬੇਡਕਰ ਮਿਸ਼ਨ ਸੁਸਾਇਟੀ ਦੇ ਪ੍ਰਧਾਨ ਸ੍ਰੀ ਗੁਰਮੁਖ ਸਿੰਘ ਢੋਡ, ਸ਼ਬਦ ਗੁਰੂ ਪ੍ਰਚਾਰ ਸਭਾ ਦੇ ਜਨਰਲ ਸਕੱਤਰ ਸ. ਸੁਖਵਿੰਦਰ ਮੋਹਨ ਸਿੰਘ ਭਾਟੀਆ, ਸ਼ਹੀਦ-ਏ-ਆਜ਼ਮ ਭਗਤ ਸਿੰਘ ਯੂਥ ਕਲੱਬ ਦੇ ਪ੍ਰਧਾਨ ਸ੍ਰੀ ਰਿੰਕੂ ਕਾਲੀਆ, ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ. ਐਸ. ਆਈ ਸ੍ਰੀ ਗੁਰਬਚਨ ਸਿੰਘ, ਪਰਗਣ ਸਿੰਘ ਰਾਜੂ ਬਹੂਈ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।