*ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਸਿਵਲ ਸਰਜਨ ਨੇ ਦਿੱਤੀ ਵਿਦਾਇਗੀ
ਸਭਨਾਂ ਦੇ ਸਹਿਯੋਗ ਨਾਲ ਜ਼ਿਲਾ ਰਹੇਗਾ ਕੋਰੋਨਾ ਮੁਕਤ-ਡਿਪਟੀ ਕਮਿਸ਼ਨਰ*

ਫਗਵਾੜਾ (ਡਾ ਰਮਨ)
ਸਿਵਲ ਹਸਪਤਾਲ ਕਪੂਰਥਲਾ ਦੇ ਆਈਸੋਲੇਸ਼ਨ ਵਾਰਡ ਵਿਚ ਦਾਖ਼ਲ ਐਲ. ਪੀ. ਯੂ ਦੀ ਵਿਦਿਆਰਥਣ ਨੀਤੂ ਚੌਹਾਨ, ਜਿਸ ਦੀ 11 ਅਪ੍ਰੈਲ ਨੂੰ ਕੋਰੋਨਾ ਟੈਸਟ ਰਿਪੋਰਟ ਪਾਜ਼ੇਟਿਵ ਆਈ ਸੀ, ਦੀ ਅੱਜ ਦੂਸਰੀ ਰਿਪੋਰਟ ਵੀ ਨੈਗੇਟਿਵ ਆਉਣ ’ਤੇ ਉਸ ਨੂੰ ਛੁੱਟੀ ਦੇ ਦਿੱਤੀ ਗਈ। ਬੀਤੇ ਦਿਨ ਉਸ ਦੀ ਪਹਿਲੀ ਟੈਸਟ ਰਿਪੋਰਟ ਨੈਗੇਟਿਵ ਆਈ ਸੀ। ਇਸ ਤੋਂ ਪਹਿਲਾਂ ਜ਼ਿਲੇ ਦੇ ਪਹਿਲੇ ਕੋਰੋਨਾ ਪਾਜ਼ੇਟਿਵ ਮਰੀਜ਼ ਅਫ਼ਜ਼ਲ ਸ਼ੇਖ ਨੂੰ ਵੀ ਸਿਹਤਯਾਬ ਹੋਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਸੀ। ਇਸ ਤਰਾਂ ਹੁਣ ਜ਼ਿਲੇ ਵਿਚ ਫਿਲਹਾਲ ਕੋਈ ਵੀ ਕੋਰੋਨਾ ਪਾਜ਼ੇਟਿਵ ਮਰੀਜ਼ ਨਹੀਂ ਹੈ।
ਨੀਤੂ ਨੂੰ ਹਸਪਤਾਲੋਂ ਛੁੱਟੀ ਮਿਲਣ ਮੌਕੇ ਵਿਧਾਇਕ ਕਪੂਰਥਲਾ ਰਾਣਾ ਗੁਰਜੀਤ ਸਿੰਘ ਉਸ ਨੂੰ ਵਿਦਾਇਗੀ ਦੇਣ ਲਈ ਉਚੇਚੇ ਤੌਰ ’ਤੇ ਪਹੁੰਚੇ। ਉਨਾਂ ਨੀਤੂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਉਸ ਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ। ਉਨਾਂ ਇਸ ਔਖੀ ਘੜੀ ਵਿਚ ਜ਼ਿਲਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੀਤੀ ਜਾ ਰਹੀ ਦਿਨ-ਰਾਤ ਮਿਹਨਤ ਦੀ ਭਰਪੂਰ ਸ਼ਲਾਘਾ ਕੀਤੀ। ਉਨ ਆਈਸੋਲੇਸ਼ਨ ਵਾਰਡ ਵਿਚ ਤਾਇਨਾਤ ਮੈਡੀਕਲ ਅਤੇ ਪੈਰਾ ਮੈਡੀਕਲ ਟੀਮ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ, ਜਿਨਾਂ ਕੀ ਮਿਹਨਤ ਸਦਕਾ ਜ਼ਿਲਾ ਕੋਰੋਨਾ ਮੁਕਤ ਹੋਇਆ ਹੈ।
ਸਿਵਲ ਸਰਜਨ ਡਾ. ਜਸਮੀਤ ਬਾਵਾ ਨੇ ਇਸ ਮੌਕੇ ਦੱਸਿਆ ਕਿ ਐਲ. ਪੀ. ਯੂ ਦੀ ਮਹਾਰਾਸ਼ਟਰ ਨਾਲ ਸਬੰਧਤ ਇਸ ਵਿਦਿਆਰਥਣ ਦੀ 11 ਅਪ੍ਰੈਲ ਨੂੰ ਕੋਰੋਨਾ ਪਾਜ਼ੇਟਿਵ ਰਿਪੋਰਟ ਆਉਣ ’ਤੇ ਉਸ ਨੂੰ ਕਪੂਰਥਲਾ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਰੱਖਿਆ ਗਿਆ ਸੀ ਅਤੇ 14 ਦਿਨ ਬਾਅਦ ਉਸ ਦਾ ਦੁਬਾਰਾ ਟੈਸਟ ਨੈਗੇਟਿਵ ਆਇਆ। ਇਸ ਤੋਂ ਬਾਅਦ 24 ਘੰਟੇ ਵਾਲਾ ਟੈਸਟ ਵੀ ਨੈਗੇਟਿਵ ਆਉਣ ’ਤੇ ਉਸ ਨੂੰ ਅੱਜ ਛੁੱਟੀ ਦੇ ਦਿੱਤੀ ਗਈ ਹੈ। ਉਨਾਂ ਕਿਹਾ ਕਿ ਆਈਸੋਲੇਸ਼ਨ ਵਾਰਡ ਦੀ ਰੈਪਿਡ ਰਿਸਪਾਂਸ ਟੀਮ ਦੀ ਅਣਥੱਕ ਮਿਹਨਤ ਦੇ ਨਤੀਜੇ ਵਜੋਂ ਦੋਵੇਂ ਕੋਰੋਨਾ ਪਾਜ਼ੇਟਿਵ ਮਰੀਜ਼ ਬਿਲਕੁਲ ਸਿਹਤਯਾਬ ਹੋਏ ਹਨ।
ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਵੀ ਨੀਤੂ ਦੇ ਸਿਹਤਯਾਬ ਹੋਣ ’ਤੇ ਉਸ ਨੂੰ ਵਧਾਈ ਦਿੱਤੀ ਗਈ। ਉਨਾਂ ਦੋਵਾਂ ਮਰੀਜ਼ਾਂ ਦੇ ਸਿਹਤਯਾਬ ਹੋਣ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਸਭਨਾਂ ਦੇ ਸਹਿਯੋਗ ਦਾ ਨਤੀਜਾ ਹੈ। ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਨੂੰ ਹੁਣ ਹੋਰ ਵੀ ਸਾਵਧਾਨੀ ਵਰਤਣੀ ਪਵੇਗੀ ਅਤੇ ਲਗਾਤਾਰ ਟੈਸਟ ਕੀਤੇ ਜਾਣਗੇ ਅਤੇ ਸਾਰੀਆਂ ਸਾਵਧਾਨੀਆਂ ਯਕੀਨੀ ਬਣਾਈਆਂ ਜਾਣਗੀਆਂ। ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਜ਼ਿਲਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਤਰਾਂ ਪਾਲਣਾ ਕਰਨ ਤਾਂ ਹੀ ਜ਼ਿਲੇ ਨੂੰ ਕੋਰੋਨਾ ਮੁਕਤ ਰੱਖਿਆ ਜਾ ਸਕਦਾ ਹੈ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰਮੇਸ਼ ਕੁਮਾਰੀ ਬੰਗਾ, ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਡਾ. ਸੰਦੀਪ ਧਵਨ, ਮੈਡੀਕਲ ਸਪੈਸ਼ਲਿਸਟ ਡਾ. ਰਵਜੀਤ ਸਿੰਘ, ਡਾ. ਸੰਦੀਪ ਭੋਲਾ, ਡਾ. ਮੋਹਨਪ੍ਰੀਤ, ਡਾ. ਰਾਜੀਵ ਭਗਤ, ਡਾ. ਪਾਰੀਤੋਸ਼ ਗਰਗ, ਡਾ. ਹਰਪ੍ਰੀਤ ਮੋਤੀ ਤੇ ਹੋਰ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ ਹਾਜ਼ਰ ਸਨ