ਸਾਹਬੀ ਦਾਸੀਕੇ
ਸ਼ਾਹਕੋਟ: ਮਲਸੀਆਂ,ਕਰੋਨਾ ਵਾਇਰਸ ਦੇ ਮੱਦੇਨਜ਼ਰ ਪੂਰੇ ਦੇਸ਼ ’ਚ 22 ਮਾਰਚ ਨੂੰ ਸਵੇਰੇ 7 ਵਜੇ ਤੋਂ ਰਾਤ 9 ਵਜੇ ਤੱਕ ‘ਜਨਤਾ ਕਰਫ਼ਿਊ’ ਲਗਾਇਆ ਜਾ ਰਿਹਾ ਹੈ ਤੇ ਕਰਫ਼ਿਊ ਵਾਲੇ ਦਿਨ ਸ਼ਾਹਕੋਟ ਇਲਾਕੇ ਦੇ ਲੋਕ ਪੂਰਨ ਸਹਿਯੋਗ ਦੇਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਜਿਲ੍ਹਾ ਜ਼ਿਲ੍ਹਾ ਦਿਹਾਤੀ ਦੇ ਜਨਰਲ ਸਕੱਤਰ ਤੇ ਨਹਿਰੂ ਯੁਵਾ ਕੇਂਦਰ ਜਲੰਧਰ ਦੇ ਕਮੇਟੀ ਮੈਂਬਰ ਸੰਜਮ ਮੈਸਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕੇਂਦਰ ਤੇ ਸੂਬਾ ਸਰਕਾਰ ਵਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਤੇ ਖਾਣ-ਪੀਣ ਦੀਆਂ ਚੀਜ਼ਾਂ ਨੂੰ ਘਰਾਂ ’ਚ ਜਮ੍ਹਾਂ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਕਰੋਨਾ ਵਾਇਰਸ ਦੀ ਰੋਕਥਾਮ ਸਬੰਧੀ ਮੋਦੀ ਸਰਕਾਰ ਵਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ ਤੇ ਸਾਰਿਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉਠ ਕੇ ਪ੍ਰਧਾਨ ਮੰਤਰੀ ਮੋਦੀ ਦਾ ਸਾਥ ਦੇਣਾ ਚਾਹੀਦਾ ਹੈ। ਉਨਾਂ ਕਿਹਾ ਕਿ ਲੋਕ ਭੀੜ-ਭਾੜ ਵਾਲਿਆਂ ਇਲਾਕਿਆਂ ’ਚ ਜਾਣ ਤੋਂ ਪ੍ਰਹੇਜ਼ ਕਰਨ ਤੇ ਆਪਣੇ ਹੱਥਾਂ ਨੂੰ ਸਾਬਣ ਨਾਲ ਵਾਰ-ਵਾਰ ਧੋਣ ਤਾਂ ਹੀ ਅਸੀਂ ਆਪਣਾ ਤੇ ਹੋਰਨਾਂ ਦਾ ਬਚਾਅ ਰੱਖ ਸਕਦੇ ਹਾਂ।